
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਰੱਗ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਰੱਗ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਬਿਕਰਮ ਮਜੀਠੀਆ ਖ਼ਿਲਾਫ਼ ਇਕ ਵੀ ਸਬੂਤ ਮਿਲਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ। ਕਾਂਗਰਸ ਸਰਕਾਰ ’ਤੇ ਹਮਲਾ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹਨਾਂ ਕੋਲ ਮਜੀਠੀਆ ਖਿਲਾਫ਼ ਇਕ ਵੀ ਸਬੂਤ ਨਹੀਂ ਹੈ।
ਉਹਨਾਂ ਕਿਹਾ ਕਿ ਇਹ ਸਾਰਾ ਕੁਝ ਝੂਠ ਅਤੇ ਫਰੇਬ ਹੈ ਕਿਉਂਕਿ ਬਿਕਰਮ ਮਜੀਠੀਆ ਅੱਗੇ ਹੋ ਕੇ ਰੇਤ ਮਾਫੀਆ, ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਖ਼ਿਲਾਫ ਲੜਾਈ ਲੜਦੇ ਹਨ। ਇਸ ਲਈ ਇਹ ਮਜੀਠੀਆ ਨੂੰ ਅੰਦਰ ਕਰਨਾ ਚਾਹੁੰਦੇ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਅਸੀਂ ਸਾਬਿਤ ਕਰਾਂਗੇ ਕਿ ਇਸ ਪਿੱਛੇ ਕਿਸ ਦਾ ਹੈ ਹੱਥ ਹੈ। ਅਸੀਂ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਾਂਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਅਤੇ ਉਸ ਤੋਂ ਬਾਅਦ ਹੀ ਮਜੀਠੀਆ ਮੁੜ ਰੂਪੋਸ਼ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਹਨਾਂ ਦੀ ਭਾਲ ਵਿਚ ਮਜੀਠੀਆ ਦੀਆਂ ਰਿਹਾਇਸ਼ਾਂ ’ਤੇ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਅੱਜ ਹਾਈ ਕੋਰਟ ਨੇ ਉਹਨਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਦੀ ਰੋਕ ਲਾ ਦਿੱਤੀ ਹੈ।