
ਮੁਲਜ਼ਮ ਸਤੰਬਰ 2024 'ਚ ਡੇਰਾਬੱਸੀ 'ਚ ਇੱਕ ਆਈਲੈਟਸ ਸੈਂਟਰ ਵਿੱਚ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ
Lawrence Bishnoi gang arrested in mohali News: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਗੈਂਗਸਟਰ ਮਹਿਫੂਜ਼ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮ ਨੂੰ ਐਸਏਐਸ ਨਗਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵਿਸ਼ਾਲ ਖਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਐਸਏਐਸ ਨਗਰ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਸ਼ਾਲ ਨੇ ਪਿਛਲੇ ਸਾਲ ਸਤੰਬਰ ਵਿੱਚ ਡੇਰਾਬੱਸੀ ਵਿੱਚ ਇੱਕ ਆਈਲੈਟਸ ਸੈਂਟਰ ਵਿੱਚ ਗੋਲੀਬਾਰੀ ਕੀਤੀ ਸੀ। ਵਿਸ਼ਾਲ ਖਾਨ ਉਕਤ ਘਟਨਾ ਦਾ ਮਾਸਟਰਮਾਈਂਡ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਟ੍ਰਾਈਸਿਟੀ ਵਿੱਚ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਸਾਰੇ ਥਾਣਿਆਂ ਤੋਂ ਵਿਸ਼ਾਲ ਖ਼ਾਨ ਦਾ ਪਿਛਲਾ ਅਪਰਾਧਿਕ ਰਿਕਾਰਡ ਕੱਢ ਰਹੀ ਹੈ। ਮੁਲਜ਼ਮ ਖ਼ਿਲਾਫ਼ 10 ਦੇ ਕਰੀਬ ਕੇਸ ਦਰਜ ਹਨ। 2023 ਤੋਂ ਵਿਸ਼ਾਲ ਖਾਨ ਵਿਦੇਸ਼ 'ਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਹੈ।