
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵਲੋਂ ਅੱਜ ਵਿਧਾਨ ਸਭਾ ਵਿਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਜੀਵਨ ਖਾਸ ਕਰਕੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਤਿਆਰੀ ਕਰਨ ਵਿਚ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ।
ਵਿਦਿਆਰਥੀਆਂ ਨੂੰ ਪੜਾਈ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਅਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਲਾਊਡ ਸਪੀਕਰਾਂ, ਡੀ.ਜੇ. ਅਤੇ ਹੋਰ ਸੰਗੀਤਕ ਯੰਤਰਾਂ ਦੀ ਵਰਤੋਂ ਕਰਕੇ ਖਾਸ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੌਰਾਨ ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਕਰੜੀ ਕਾਰਵਾਈ ਦਾ ਭਰੋਸਾ ਦਿਤਾ।
ਇਸ ਸਮੱਸਿਆ ਨਾਲ ਕਾਰਗਾਰ ਢੰਗ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵਲੋਂ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲਜ਼, 2000 ਦੇ ਅਧੀਨ ਦਿਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਪੰਜਾਬ ਇਨਸਟਰੂਮੈਂਟਸ (ਕੰਟਰੋਲ ਆਫ਼ ਨੁਆਇਸ) ਐਕਟ, 1956 ਦੇ ਉਪਬੰਧਾਂ ਅਨੁਸਾਰ ਲਾਊਡ ਸਪੀਕਰਾਂ ਅਤੇ ਜਨਤਕ ਅਡਰੈਸ ਸਿਸਟਮ ਆਦਿ ਦੀ ਵਰਤੋਂ ਤੋਂ ਹੋਣ ਵਾਲੇ ਆਵਾਜ਼/ਧੁਨੀ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਵਿਆਪਕ ਦਿਸ਼ਾ ਨਿਰਦੇਸ਼ ਦਿਤੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ, ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਥਾਨਕ ਸਰਕਾਰ ਦੇ ਅਫ਼ਸਰਾਂ ਨੂੰ ਸ਼ੋਰ ਪ੍ਰਦੂਸ਼ਣ ਕੰਟਰੋਲ ਸਬੰਧੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਕਿਹਾ ਗਿਆ ਹੈ। ਸੂਬਾ ਸਰਕਾਰ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਗੁਰਦੁਆਰਿਆਂ/ਮੰਦਿਰਾਂ ਵਿਚ ਲਾਊਡ ਸਪੀਕਰਾਂ ਦੀ ਵਰਤੋਂ ਅਤੇ ਮੈਰਿਜ ਪੈਲਿਸਾਂ ਵਿਚ ਡੀ.ਜੇ. ਸਿਸਟਮਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਚਿਤ ਹੁਕਮ ਜਾਰੀ ਕੀਤੇ ਜਾਣ।
ਇਸੇ ਤਰਾਂ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਉਨਾਂ ਅਧੀਨ ਆਉਂਦੀਆਂ ਧਾਰਮਿਕ ਸੰਸਥਾਵਾਂ/ਮੈਰਿਜ ਪੈਲੈਸਾਂ ਵਿਚ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਤਹਿਸੀਲ ਪੱਧਰ, ਬਲਾਕ ਪੱਧਰ, ਪਿੰਡ ਪੱਧਰ ’ਤੇ ਗੁਰਦੁਆਰੇ/ਮੰਦਿਰਾਂ ਅਤੇ ਮੈਰਿਜ ਪੈਲੈਸਾਂ ਦੇ ਮਾਲਕਾਂ ਨਾਲ ਮੀਟਿੰਗਾਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਲਾਊਡ ਸਪੀਕਰਾਂ ਦੀ ਵਰਤੋਂ ਕਰਨ ਲਈ ਅਜਿਹੀ ਵਿਧੀ ਬਣਾਈ ਜਾਵੇ ਜਿਸ ਨਾਲ ਸ਼ੋਰ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਅਪਣੇ ਪੱਤਰ ਨੰਬਰ 39819-40/39793-95/39797-818 ਮਿਤੀ 7 ਅਕਤੂਬਰ, 2011, ਪੱਤਰ ਨੰਬਰ 39909-30 ਮਿਤੀ 30 ਅਕਤੂਬਰ, 2015 ਅਤੇ ਪੱਤਰ ਨੰਬਰ 3422-24 ਮਿਤੀ 1 ਫਰਵਰੀ, 2018 ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਬੇਨਤੀ ਕੀਤੀ ਹੈ ਕਿ ਵਿਦਿਆਰਥੀਆਂ ਦੇ ਇਮਤਿਹਾਨ ਦੇ ਸਮੇਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਊਡ ਸਪੀਕਰਾਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ
ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਧਾਰਮਿਕ ਸਥਾਨਾਂ ਅਤੇ ਮੈਰਿਜ ਪੈਲੈਸਾਂ ਤੋਂ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨਿਰਧਾਰਤ ਮਾਪਦੰਡਾਂ ਅੰਦਰ ਹੀ ਸੀਮਿਤ ਰਹੇ। ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਨੇ ਵੀ ਗੁਰਦੁਆਰਾ ਸਾਹਿਬਾਨ ਦੇ ਸਾਰੇ ਮੈਨੇਜਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਆਵਾਜ਼ ਗੁਰਦੁਆਰੇ ਦੇ ਦਾਇਰੇ ਅੰਦਰ ਹੀ ਰੱਖਣ ਲਈ ਆਖਿਆ ਹੈ।