
ਡਰੱਗ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ।
ਚੰਡੀਗੜ੍ਹ: ਡਰੱਗ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ। ਮੋਹਾਲੀ ਅਦਾਲਤ ਨੇ ਉਹਨਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਉਹ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਨਗੇ। ਐਸਆਈਟੀ ਵਲੋਂ ਸਰਕਾਰੀ ਵਕੀਲ ਨੇ ਐਨਡੀਪੀਐਸ ਐਕਟ ਤਹਿਤ ਦੋਸ਼ਾਂ ਦੀ ਗੰਭੀਰਤਾ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦਾ ਵਿਰੋਧ ਕੀਤਾ ਸੀ।
ਉਹਨਾਂ ਨੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਬਾਰੇ ਦੱਸਿਆ ਕਿ ਉਸ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਵਿਚ ਨਸ਼ਾ ਤਸਕਰਾਂ ਨੇ ਮਜੀਠੀਆ ਦਾ ਨਾਮ ਲਿਆ ਹੈ। ਅਕਾਲੀ ਆਗੂ ਦੇ ਵਕੀਲ ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਇਹ ਅਦਾਲਤ ਦਾ ਫੈਸਲਾ ਹੈ। ਅਸੀਂ ਹਾਈ ਕੋਰਟ ਜਾਵਾਂਗੇ। ਉਹਨਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਕੇਸ ਨੂੰ ਤਕਨੀਕੀ ਤੌਰ ’ਤੇ ਉਲਝਾ ਦਿੱਤਾ ਗਿਆ ਹੈ। ਐਨਡੀਪੀਐਸ ਐਕਟ ਦੀਆਂ ਅਜਿਹੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਿੱਟ ਨੇ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਸੀ। ਉਸ ਨੇ ਪੁਲਿਸ ਰਿਮਾਂਡ ਵੀ ਨਹੀਂ ਮੰਗਿਆ। ਫਿਲਹਾਲ ਇਸ ਮਾਮਲੇ 'ਚ ਅਦਾਲਤ ਦੇ ਹੁਕਮਾਂ ਨੂੰ ਪੜ੍ਹ ਕੇ ਉਹ ਹਾਈ ਕੋਰਟ 'ਚ ਅਪੀਲ ਕਰਨਗੇ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮਜੀਠੀਆ ਨੇ ਵੀਰਵਾਰ ਨੂੰ ਮੋਹਾਲੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਹਨਾਂ ਦੀ ਹਿਰਾਸਤ ਦੀ ਮੰਗ ਕੀਤੀ। ਇਸ ਤੋਂ ਬਾਅਦ ਉਹਨਾਂ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।