
ਲਵਪ੍ਰੀਤ ਸਿੰਘ ਉਰਫ਼ ਕਾਕੂ ਮੱਧ ਪ੍ਰਦੇਸ਼ ਤੋਂ ਲੈ ਕੇ ਆਇਆ ਸੀ ਨਾਜਾਇਜ਼ ਹਥਿਆਰ
ਅੰਮ੍ਰਿਤਸਰ : ਸਥਾਨਕ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਬਾਰੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕੀਤੀ ਗਈ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਕਾਕੂ ਵਾਸੀ ਪ੍ਰੀਤ ਨਗਰ ਵਜੋਂ ਹੋਈ ਹੈ।
ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਨਜਾਇਜ਼ ਪਿਸਤੌਲ ਲੈ ਕੇ ਘੁੰਮ ਰਿਹਾ ਹੈ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ .32 ਦਾ ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਲਵਪ੍ਰੀਤ ਸਿੰਘ ਫਤਿਹਗੜ੍ਹ ਚੂੜੀਆਂ ਰੋਡ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਮੱਧ ਪ੍ਰਦੇਸ਼ ਤੋਂ ਦੋ ਪਿਸਤੌਲ ਲੈ ਕੇ ਆਇਆ ਸੀ, ਦੂਸਰਾ ਪਿਸਤੌਲ ਜਿੱਥੇ ਹੈ ਉਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਿਸ ਨੇ ਅਸਲ ਐਕਟ ਤਹਿਤ ਪਰਚਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਹਥਿਆਰ ਬਰਾਮਦ ਹੋਣ ਦੀ ਵੀ ਉਮੀਦ ਹੈ।