
ਸੈਸ਼ਨ ਦਾ ਆਖ਼ਰੀ ਦਿਨ 25 ਫ਼ਰਵਰੀ 2025 ਨੂੰ ਚੰਡੀਗੜ੍ਹ ਵਿੱਚ ਸਵੇਰੇ 10 ਵਜੇ ਸ਼ੁਰੂ ਹੋਵੇਗਾ
Punjab Vidhan Sabha: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਤੇ ਆਖ਼ਰੀ ਦਿਨ ਹੈ। ਅੱਜ ਸਰਕਾਰ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸੋਸ਼ਲ ਮੀਡੀਆ 'ਤੇ ਦਿੱਤੀ।
ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਕਿ ਕਿਸਾਨ ਵਿਰੋਧੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਖ਼ਿਲਾਫ਼ ਵਿਧਾਨ ਸਭਾ ਵਿੱਚ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਇਸ ਨੀਤੀ ਵਿਰੁੱਧ ਮਤਾ ਪਾਸ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਸੈਸ਼ਨ ਦਾ ਆਖ਼ਰੀ ਦਿਨ 25 ਫ਼ਰਵਰੀ 2025 ਨੂੰ ਚੰਡੀਗੜ੍ਹ ਵਿੱਚ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਜਿਸ 'ਚ ਸਰਕਾਰ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਇਸ ਸੈਸ਼ਨ ਵਿੱਚ ਮੁੱਖ ਤੌਰ ’ਤੇ ਕੌਮੀ ਖੇਤੀ ਮੰਡੀਕਰਨ ਨੀਤੀ ਉਤੇ ਬਹਿਸ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਵਿਧਾਨ ਸਭਾ 'ਚ ਸੂਬੇ ਦੀ ਆਰਥਿਕ ਸਥਿਤੀ, ਕਿਸਾਨਾਂ ਦੀਆਂ ਸਮੱਸਿਆਵਾਂ, ਪੇਂਡੂ ਵਿਕਾਸ ਸਕੀਮਾਂ, ਪੰਚਾਇਤੀ ਰਾਜ ਸੰਸਥਾਵਾਂ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਜਲ ਸਰੋਤ (ਪ੍ਰਬੰਧਨ ਅਤੇ ਨਿਯਮ) ਖੋਜ ਬਿੱਲ ਵੀ ਪਾਸ ਕੀਤਾ ਜਾਵੇਗਾ।