
ਕਿਹਾ, ਭਾਰਤੀ ਜਨਤਾ ਪਾਰਟੀ ਨੇ ਆਪਣੇ ਕਾਰਜਕਾਲ 'ਚ ਸਿਰਫ਼ ਝੂਠੇ ਵਾਅਦੇ ਕੀਤੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਵੱਲੋਂ ਘੱਟੋ-ਘੱਟ ਆਮਦਨ ਗਾਰੰਟੀ ਦੇ ਚੋਣ ਵਾਅਦੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਗਰੀਬ ਪਰਿਵਾਰ ਨੂੰ 72 ਹਜ਼ਾਰ ਰੁਪਏ ਸਾਲਾਨਾ ਦੇਣ ਦੀ ਯੋਜਨਾ ਨਾਲ ਉਨ੍ਹਾਂ ਦੀ ਵਿੱਤੀ ਹਾਲਤ 'ਚ ਸੁਧਾਰ ਹੋਵੇਗਾ।
ਕੈਪਟਨ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ ਨੇ ਦੇਸ਼ ਦੇ ਗਰੀਬਾਂ ਨੂੰ ਨਵੀਂਆਂ ਉਮੀਦਾਂ ਦਿੱਤੀਆਂ ਹਨ। ਨਰਿੰਦਰ ਮੋਦੀ ਦੀ ਸਰਕਾਰ 'ਚ ਸਿਰਫ਼ ਅਮੀਰਾਂ ਦਾ ਹੀ ਵਿਕਾਸ ਹੋਇਆ ਹੈ, ਜਦਕਿ ਗਰੀਬਾਂ ਨੂੰ ਰੋਜ਼ੀ-ਰੋਟੀ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਮੁਤਾਬਕ ਕਾਂਗਰਸ ਦੀ ਸਰਕਾਰ ਬਣਨ ਮਗਰੋਂ 20 ਫ਼ੀਸਦੀ ਗਰੀਬ ਪਰਿਵਾਰਾਂ ਨੂੰ ਹਰ ਸਾਲ 72 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਨਾਲ ਹਰ ਜਾਤੀ, ਹਰ ਧਰਮ ਦੇ ਗਰੀਬਾਂ ਦਾ ਫ਼ਾਇਦਾ ਹੋਵੇਗਾ।
ਕੈਪਟਨ ਨੇ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਪਣੇ ਕਾਰਜਕਾਲ 'ਚ ਸਿਰਫ਼ ਝੂਠੇ ਵਾਅਦੇ ਕੀਤੇ ਅਤੇ ਨਵੇਂ-ਨਵੇਂ ਜੁਮਲਿਆਂ ਨਾਲ ਲੋਕਾਂ ਨੂੰ ਵਰਗਲਾਉਣ ਦਾ ਹੀ ਕੰਮ ਕੀਤਾ, ਜਦਕਿ ਰਾਹੁਲ ਗਾਂਧੀ ਨੇ ਪੂਰੇ ਭਾਰਤ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਤਰੀਕਿਆਂ ਬਾਰੇ ਜਾਣਨ 'ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਫ਼ੌਜੀ ਜਵਾਨਾਂ ਦੇ ਮੋਢੇ 'ਤੇ ਬੰਦੂਕ ਰੱਖ ਕੇ ਆਪਣੀ ਝੂਠੀ ਵਾਹਵਾਹੀ ਖੱਟਣ 'ਚ ਲੱਗੀ ਹੋਈ ਹੈ, ਜਦਕਿ ਦੇਸ਼ ਦੇ ਲੋਕ ਰੁਜ਼ਗਾਰ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ।
ਕੈਪਟਨ ਨੇ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਪੰਜਾਬ 'ਚ ਕਾਂਗਰਸ ਦੀਆਂ ਸਰਕਾਰਾਂ ਬਣਨ ਮਗਰੋਂ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਗਏ ਅਤੇ ਲਗਭਗ ਸਾਰੇ ਚੋਣ ਵਾਅਦਿਆਂ ਨੂੰ ਪੁਗਾਇਆ ਜਾ ਰਿਹਾ ਹੈ। ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਨ ਮਗਰੋਂ 20 ਫ਼ੀਸਦੀ ਗਰੀਬ ਪਰਿਵਾਰਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਮਿਲਣਗੇ। ਇਸ ਦੇ ਲਈ ਪੂਰੀ ਸਮੀਖਿਆ ਕਰ ਲਈ ਗਈ ਹੈ।