
ਕਿਹਾ, ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨੋਟਿਸ ਭੇਜਣਾ ਸਰਕਾਰ ਦਾ ਕਿਸਾਨ ਵਿਰੋਧੀ ਕਦਮ
ਚੰਡੀਗੜ੍ਹ : ਕੈਪਟਨ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਕਿਸਾਨ ਅਤੇ ਹੋਰ ਵਰਗਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨ ਵਿਚ ਨਾਕਾਮ ਸਾਬਤ ਹੋਈ ਹੈ। ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਪਰ ਹੁਣ ਉਹ ਲੋਕਾਂ ਨਾਲ ਵਿਸ਼ਵਾਸਘਾਤ ਕਰ ਰਹੀ ਹੈ। ਆਪਣੀ ਬਕਾਇਆ ਰਾਸ਼ੀ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਨੋਟਿਸ ਭੇਜਣਾ ਕਿਸਾਨ ਵਿਰੋਧੀ ਕਦਮ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ।
ਚੀਮਾ ਨੇ ਕਿਹਾ ਕਿ ਧੂਰੀ ਦੇ ਐਸਡੀਐਮ ਦੁਆਰਾ ਖੇਤਰ ਵਿਚ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨੋਟਿਸ ਭੇਜਣਾ ਤਾਨਾਸ਼ਾਹੀ ਹੁਕਮ ਹੈ ਅਤੇ ਅਜਿਹਾ ਕਰ ਕੇ ਸਰਕਾਰ ਉਨ੍ਹਾਂ ਦੇ ਬੋਲਣ ਦੀ ਆਜ਼ਾਦੀ 'ਤੇ ਰੋਕ ਲਗਾਉਣ ਦਾ ਕਾਰਜ ਕਰ ਰਹੀ ਹੈ। ਨਿੱਜੀ ਖੰਡ ਮਿਲ ਮਾਲਕਾਂ ਨੂੰ ਬਚਾ ਕੇ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਅਕਾਲੀ-ਭਾਜਪਾ ਦੁਆਰਾ ਸਤਾਏ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਝੂਠ ਤੋਂ ਪਰੇਸ਼ਾਨ ਕਿਸਾਨਾਂ ਕੋਲ ਰੋਸ ਪ੍ਰਦਰਸ਼ਨ ਕਰਨ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਹੈ, ਪਰ ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ।
Farmer protest - File Photo
ਚੀਮਾ ਨੇ ਕਿਹਾ ਕਿ ਸੂਬੇ ਦੀਆਂ ਖੰਡ ਮਿਲਾਂ 'ਤੇ ਕਾਂਗਰਸੀ ਅਤੇ ਅਕਾਲੀ-ਭਾਜਪਾ ਆਗੂਆਂ ਦਾ ਕਬਜ਼ਾ ਹੋਣ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀ ਅਦਾਇਗੀ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੀ ਸ਼ਕਤੀਸ਼ਾਲੀ ਲੀਡਰਾਂ ਵਿਰੁੱਧ ਕਾਰਵਾਈ ਕਰਨ ਤੋਂ ਬਚਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਛੇਤੀ ਤੋਂ ਛੋਤੀ ਕਿਸਾਨਾਂ 'ਤੇ ਕੀਤੀ ਗਈ ਕਾਰਵਾਈ ਨੂੰ ਵਾਪਸ ਲਵੇ ਅਤੇ ਉਨ੍ਹਾਂ ਦੇ ਪੈਸੇ ਦਾ ਭੁਗਤਾਨ ਕਰੇ ਤਾਂ ਜੋ ਕਿਸਾਨ ਆਪਣੇ ਕਾਰਜ ਨਿਰਵਿਘਨ ਕਰ ਸਕਣ।
ਚੀਮਾ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਰਾਸ਼ੀ ਦੀ ਅਦਾਇਗੀ ਨਾ ਹੋਣ ਦੀ ਸੂਰਤ ਵਿਚ ਆਮ ਆਦਮੀ ਪਾਰਟੀ ਸੂਬੇ 'ਚ ਰੋਸ ਪ੍ਰਦਰਸ਼ਨ ਕਰੇਗੀ ਅਤੇ ਐਸਡੀਐਮ ਦਫ਼ਤਰ ਦਾ ਘਿਰਾਓ ਕਰੇਗੀ।