
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਕੁਝ ਸਮਾਂ ਪਹਿਲਾਂ ਹੀ ਪਾਰਟੀ 'ਚ ਸ਼ਾਮਲ ਹੋਏ ਸਨ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦਾ ਨਾਂ ਐਲਾਨ ਦਿੱਤਾ ਹੈ। ਪਾਰਟੀ ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਇਹ ਫ਼ੈਸਲਾ ਕੋਰ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੋਰ ਕਮੇਟੀ ਅੱਜ ਪਿੰਡ ਬ੍ਰਹਮਪੁਰਾ ਤਰਨ ਤਾਰਨ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ। ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਕੁਝ ਸਮਾਂ ਪਹਿਲਾਂ ਹੀ ਪਾਰਟੀ 'ਚ ਸ਼ਾਮਲ ਹੋਏ ਸਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਪਾਰਟੀ ਵਿੱਚ ਸ਼ਾਮਲ ਕਰ ਕੇ ਉਨ੍ਹਾਂ ਨੂੰ ਦੋ ਜ਼ਿਲ੍ਹਿਆਂ (ਸੰਗਰੂਰ ਤੇ ਬਰਨਾਲਾ) ਦੀ ਕਮਾਨ ਸੌਂਪੀ ਸੀ। ਖ਼ਾਲਸਾ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਕਰਨ ਦੇ ਨਾਲ ਹੀ ਰਾਜਨੀਤਕ ਗਲਿਆਰਿਆਂ ਵਿੱਚ ਉਨ੍ਹਾਂ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ਤੇਜ਼ ਹੋ ਗਈ ਸੀ।
ਸੰਗਰੂਰ ਸੀਟ ਤੋਂ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਉਮੀਦਵਾਰ ਹੋਣਗੇ, ਜਦਕਿ ਅਕਾਲੀ ਦਲ ਅਤੇ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੇ ਨਾਂ ਨਹੀਂ ਐਲਾਨੇ ਹਨ।