
ਬੁਢਲਾਡਾ ਵਿਚ ਅੱਜ ਸ਼ਹਿਰ ਵਾਸੀਆਂ ਵੱਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਾਨਸਾ: ਮਾਨਸਾ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਅੱਜ ਸ਼ਹਿਰ ਵਾਸੀਆਂ ਵੱਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਲੋਕ ਸਭਾ ਚੋਣਾਂ ਲਈ ਵੋਟਾਂ ਮੰਗਣ ਵਾਲੀ ਹਰ ਪਾਰਟੀ ਦੇ ਬਾਈਕਾਟ ਦੀ ਘੋਸ਼ਣਾ ਕੀਤੀ ਹੈ। ਬੁਢਲਾਡਾ ਸ਼ਹਿਰ ਦੇ ਹਾਲਤ ਇਸ ਤਰ੍ਹਾਂ ਬਣ ਗਏ ਹਨ ਕਿ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ‘ਤੇ ਪੈਦਲ ਵੀ ਨਹੀਂ ਚੱਲਿਆ ਜਾਂਦਾ। ਇਸੇ ਕਾਰਨ ਲੋਕ ਵਿਕਾਸ ਕਾਰਜਾਂ ਨੂੰ ਲੈ ਕੇ ਪਿਛਲੇ ਇਕ ਸਾਲ ਤੋਂ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਬੁਢਲਾਡਾ ਨਗਰ ਕੌਂਸਲ ਦੇ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਨੇ ਖੁਦਕੁਸ਼ੀ ਕਰ ਲਈ ਸੀ।
Protest in mansa
ਦੱਸ ਦਈਏ ਕਿ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੀਆਂ ਗਲੀਆਂ ਅਤੇ ਸੜਕਾਂ ਦੀ ਹਾਲਤ ਬਹੁਤ ਖਰਾਬ ਹੈ। ਸ਼ਹਿਰ ਦੀਆਂ ਸੜਕਾਂ ‘ਤੇ ਖੱਡੇ ਪਏ ਹੋਏ ਹਨ ਅਤੇ ਸੀਵਰੇਜ ਦਾ ਪਾਣੀ ਵੀ ਗਲੀਆਂ ਵਿਚ ਘੁੰਮ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਸ਼ਹਿਰ ਦੇ ਲੋਕਾਂ ਨੇ ਅੱਜ ਪੂਰੇ ਸ਼ਹਿਰ ਨੂੰ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਬੁਢਲਾਡਾ ਸ਼ਹਿਰ ਦਾ ਵਿਕਾਸ ਕਦੀ ਨਹੀਂ ਦਿਖਾਈ ਦਿੱਤਾ। ਉਹਨਾਂ ਕਿਹਾ ਕਿ ਸ਼ਹਿਰ ਤੱਕ ਆਉਣ ਵਾਲੀ ਹਰ ਸੜਕ ਟੁੱਟੀ ਹੋਈ ਹੈ।
Mansa
ਲੋਕਾਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਵੋਟਾਂ ਲੈਣ ਲਈ ਕਈ ਤਰ੍ਹਾਂ ਦੇ ਸੁਪਨੇ ਦਿਖਾਉਂਦੀਆਂ ਹਨ ਪਰ ਵੋਟਾਂ ਤੋਂ ਬਾਅਦ ਕੋਈ ਵੀ ਨੇਤਾ ਸ਼ਹਿਰ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੰਦਾ। ਲੋਕਾਂ ਨੇ ਦੱਸਿਆ ਕਿ ਇਸ ਸੰਘਰਸ਼ ਦੌਰਾਨ ਨਗਰ ਕੌਂਸਲ ਦੇ ਅਧਿਕਾਰੀ ਹਰਵਿੰਦਰ ਸਿੰਘ ਬੰਟੀ ਨੇ ਖੁਦਕੁਸ਼ੀ ਕਰ ਲਈ ਸੀ ਜਿਸਦੇ ਚਲਦਿਆਂ ਸ਼ਹਿਰ ਦੇ 2 ਦਰਜਨ ਲੋਕਾਂ ‘ਤੇ ਮਾਮਲਾ ਦਰਜ ਹੋਇਆ ਸੀ। ਲੋਕ ਸਭਾ ਚੋਣਾਂ ਦੇ ਸਮੇਂ ਲੋਕ ਕਹਿ ਰਹੇ ਹਨ ਕਿ ਉਹ ਕਿਸੇ ਵੀ ਪਾਰਟੀ ਨੂੰ ਵੋਟ ਨਹੀਂ ਪਾਉਣਗੇ। ਲੋਕਾਂ ਦਾ ਕਹਿਣਾ ਹੈ ਕਿ ਉਹ ਅਪਣੀ ਰੋਜ਼ਾਨਾ ਜ਼ਿੰਦਗੀ ਦੀਆਂ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ।