
ਸਿਵਲ ਸਰਜਨ ਸਮੇਤ ਸਿਹਤ ਵਿਭਾਗ ਦੇ ਸਟਾਫ਼ ਨੇ ਦਿਤੀਆਂ ਨਿੱਘੀਆਂ ਸ਼ੁਭਕਾਮਨਾਵਾਂ
ਸੰਗਰੂਰ, 24 ਅਪ੍ਰੈਲ (ਟਿੰਕਾ ਆਨੰਦ) : ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਮਿਹਨਤੀ ਟੀਮਾਂ ਦੀਆਂ ਅਣਥਕ ਕੋਸ਼ਿਸ਼ਾਂ ਸਦਕਾ ਜ਼ਿਲਾ ਸੰਗਰੂਰ ਦੇ ਇਕ ਹੋਰ ਕੋਰੋਨਾ ਵਾਇਰਸ ਪਾਜ਼ੇਟਿਵ ਵਿਅਕਤੀ ਨੇ ਇਸ ਨਾਮੁਰਾਦ ਬਿਮਾਰੀ ਕੋਵਿਡ-19 ਵਿਰੁਧ ਜੰਗ ਜਿੱਤ ਲਈ ਹੈ। ਅਹਿਮਦਗੜ੍ਹ ਦੇ ਦਹਿਲੀਜ਼ ਕਲਾਂ ਨਾਲ ਸਬੰਧਤ ਇਹ ਵਿਅਕਤੀ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚੋਂ ਤੰਦਰੁਸਤ ਹੋ ਕੇ ਨਿਕਲਿਆ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਰਾਜ ਕੁਮਾਰ, ਐਸ.ਐਮ.ਓ ਡਾ. ਕਿਰਪਾਲ ਸਿੰਘ ਅਤੇ ਜ਼ਿਲ੍ਹਾ ਐਪੋਡੀਮੋਲੋਜਿਸਟ ਡਾ. ਉਪਾਸਨਾ ਬਿੰਦਰਾ ਨੇ ਇਸ ਵਿਅਕਤੀ ਨੂੰ ਗੁਲਦਸਤੇ ਤੇ ਮਿਠਾਈ ਭੇਟ ਕਰ ਕੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਜ਼ਿਕਰਯੋਗ ਹੈ ਕਿ ਸ੍ਰੀ ਅਕੀਲ ਦੀਆਂ ਲਗਾਤਾਰ ਦੋ ਰੀਪੋਰਟਾਂ ਨੈਗੇਟਿਵ ਆਈਆਂ ਹਨ ਅਤੇ ਅੱਜ ਇਨ੍ਹਾਂ ਨੂੰ ਘਰ ਭੇਜ ਦਿਤਾ ਗਿਆ ਹੈ।
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਸ੍ਰੀ ਅਕੀਲ ਨੇ ਗੱਲਬਾਤ ਕਰਦਿਆਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਈਆਂ ਗਈਆਂ ਸਿਹਤ ਸੇਵਾਵਾਂ ਲਈ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਕਿਹਾ ਕਿ ਡਾਕਟਰਾਂ ਤੇ ਸਟਾਫ਼ ਨੇ ਪੂਰਾ ਸਹਿਯੋਗ ਦਿਤਾ ਅਤੇ ਕਿਸੇ ਵੀ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ ਗਈ। ਪਵਿੱਤਰ ਰਮਜ਼ਾਨ ਦੇ ਮੱਦੇਨਜ਼ਰ ਭਾਈਚਾਰੇ ਦੇ ਲੋਕਾਂ ਨੂੰ ਅਪਣੇ ਘਰਾਂ ਵਿਚ ਰਹਿ ਕੇ ਹੀ ਨਮਾਜ਼ ਅਦਾ ਕੀਤੇ ਜਾਣ ਦੀ ਅਪੀਲ ਕਰਦਿਆਂ ਸ੍ਰੀ ਅਕੀਲ ਨੇ ਕਿਹਾ ਕਿ ਸਮਾਜਕ ਦੂਰੀ ਨੂੰ ਕਾਇਮ ਰੱਖਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਅਪਣੇ ਘਰਾਂ ਵਿਚ ਵੀ ਜਿਥੇ ਤਕ ਹੋ ਸਕੇ ਅਪਣੇ ਪਰਵਾਰਕ ਮੈਂਬਰਾਂ ਨਾਲੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।
File photo
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਸਹਿਯੋਗ ਦਿਤਾ ਜਾਵੇ ਅਤੇ ਸਰਕਾਰ ਤੇ ਸਿਹਤ ਵਿਭਾਗ ਵਲੋਂ ਸਮੇਂ ਸਮੇਂ ’ਤੇ ਜਾਰੀ ਹੋਣ ਵਾਲੀਆਂ ਸਿਹਤ ਸਬੰਧੀ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਪਣੇ ਹੱਥ ਵਾਰ-ਵਾਰ ਧੋਣੇ ਯਕੀਨੀ ਬਣਾਏ ਜਾਣ ਅਤੇ ਜਦੋਂ ਤਕ ਇਹ ਬੀਮਾਰੀ ਫੈਲੀ ਹੋਈ ਹੈ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦਸਿਆ ਕਿ ਉਹ ਦਿੱਲੀ ਤੋਂ ਮਲੇਰਕੋਟਲਾ ਆਏ ਸਨ ਅਤੇ ਮਲੇਰਕੋਟਲਾ ਤੋਂ ਦਹਿਲੀਜ਼ ਕਲਾਂ ਵਿਖੇ ਪੁੱਜੇ ਸਨ ਅਤੇ ਜਿਵੇਂ ਹੀ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਸੰਕਰਮਿਤ ਹੋਣ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਦਾ ਵਧੀਆ ਇਲਾਜ ਕਰਵਾਇਆ ਗਿਆ ਤੇ ਉਹ ਸਿਹਤਯਾਬ ਹੋ ਸਕੇ ਹਨ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਅਕੀਲ ਵਲੋਂ ਹਸਪਤਾਲ ਦੇ ਸਟਾਫ਼ ਨੂੰ ਪੂਰਾ ਸਹਿਯੋਗ ਦਿਤਾ ਗਿਆ ਤੇ ਉਨ੍ਹਾਂ ਦਾ ਵਿਵਹਾਰ ਸਟਾਫ਼ ਪ੍ਰਤੀ ਚੰਗਾ ਰਿਹਾ। ਉਨ੍ਹਾਂ ਦਸਿਆ ਕਿ ਬੀਤੀ 9 ਅਪ੍ਰੈਲ ਨੂੰ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਇਥੇ ਵਧੀਆ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਅੱਜ ਇਹ ਸਿਹਤਯਾਬ ਹੋ ਕੇ ਇਥੋਂ ਜਾ ਰਹੇ ਹਨ ਜਿਸ ਨਾਲ ਡਾਕਟਰੀ ਤੇ ਪੈਰਾ ਮੈਡੀਕਲ ਸਟਾਫ਼ ਖ਼ੁਸ਼ ਹੈ।