
ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੇ ਕੱਲ੍ਹ 2 ਦਿਨਾਂ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹਨਾਂ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਮੁਲਾਕਾਤ ਕੀਤੀ ਤੇ ਇਸ ਮੁਲਾਕਾਤ ਦੌਰਾਨ ਉਹਨਾਂ ਨੇ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਬਣਾਇਆ ਹੈ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ਵਿਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ।
ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ।
CM seeks uninterrupted and regular power supply for farmers in ensuing paddy season
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪੰਜਾਬ ਭਵਨ ਦੀ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।