
1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ
Surjit Singh Minhas Death News: ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ। ਉਹਨਾਂ ਦਾ ਸਸਕਾਰ ਅੱਜ ਕੀਤਾ ਜਾਵੇਗਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਸ. ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।
ਸ. ਸੰਧਵਾਂ ਨੇ ਕਿਹਾ ਕਿ ਸ. ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।