
ਜ਼ਿਲ੍ਹੇ ਦੇ ਇਕ ਫੌਜੀ ਨੌਜਵਾਨ ਵੱਲੋਂ ਅਫ਼ਸਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਾਨਸਾ: ਜ਼ਿਲ੍ਹੇ ਦੇ ਇਕ ਫੌਜੀ ਨੌਜਵਾਨ ਵੱਲੋਂ ਅਫ਼ਸਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਾਨਸਾ ਦੇ ਪਿੰਡ ਬੁਰਜ ਹਰੀ ਦੇ ਰਹਿਣ ਵਾਲੇ ਫੌਜੀ ਨੇ ਰਾਜਸਥਾਨ ਦੇ ਸੂਰਤਗੜ੍ਹ ਵਿਚ ਡਿਊਟੀ ਦੌਰਾਨ ਪੱਗ ਨਾਲ ਫਾਹਾ ਲਿਆ। ਮ੍ਰਿਤਕ ਫੌਜੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਪੁੱਤਰ ਨੂੰ ਕਿਸੇ ਅਫ਼ਸਰ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਹ ਇਹ ਕਦਮ ਚੁੱਕਣ ਲਈ ਮਜਬੂਰ ਹੋਇਆ ਹੈ।
Indian Army
ਮਿਲੀ ਜਾਣਕਾਰੀ ਅਨੁਸਾਰ ਬੁਰਜ ਹਰੀ ਦਾ ਪ੍ਰਭਦਿਆਲ ਸਿੰਘ (25) ਪੁੱਤਰ ਗੁਰਸੇਵਕ ਸਿੰਘ ਕਰੀਬ 5 ਸਾਲ ਪਹਿਲਾਂ ਫ਼ੌਜ ਵਿਚ ਭਰਤੀ ਹੋਇਆ ਸੀ। ਪ੍ਰਭਦਿਆਲ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹਨੀਂ ਦਿਨੀਂ ਉਸ ਦੀ ਡਿਊਟੀ ਰਾਜਸਥਾਨ ਦੇ ਸੂਰਤਗੜ੍ਹ ਵਿਚ ਸੀ।
Soldier committed suicide
ਜਾਣਕਾਰੀ ਸਾਂਝੀ ਕਰਦਿਆਂ ਪ੍ਰਭਦਿਆਲ ਸਿੰਘ ਦੇ ਦਾਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਮਹਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਉਹਨਾਂ ਦੇ ਪੋਤਰੇ ਨੂੰ ਫ਼ੌਜ ਵਿਚ ਕੋਈ ਅਫ਼ਸਰ ਪ੍ਰੇਸ਼ਾਨ ਕਰ ਰਿਹਾ ਸੀ ਪਰ ਪ੍ਰਭਦਿਆਲ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ ਅਤੇ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ।
Suicide
ਫੌਜ ਵਿਚ ਪ੍ਰਭਦਿਆਲ ਸਿੰਘ ਦੇ ਸਾਥੀਆਂ ਨੇ ਦੱਸਿਆ ਕਿ ਉਸ ਨੇ ਫਾਹਾ ਲੈ ਕੇ ਅਪਣੀ ਜਾਨ ਦਿੱਤੀ ਹੈ। ਪ੍ਰਭਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਪਿੰਡ ਲਿਆਂਦੀ ਜਾਵੇਗੀ, ਜਿੱਥੇ ਉਸ ਦਾ ਸਸਕਾਰ ਕੀਤਾ ਜਾਵੇਗਾ। ਪੁਲਿਸ ਚੌਕੀ ਠੂਠਿਆਂਵਾਲੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਫੌਜੀ ਪ੍ਰਭਦਿਆਲ ਸਿੰਘ ਦੇ ਸ਼ਹੀਦ ਹੋਣ ਬਾਰੇ ਸੂਚਨਾ ਮਿਲੀ ਹੈ। ਇਸ ਤੋਂ ਇਲ਼ਾਵਾ ਪੁਲਿਸ ਕੋਲ ਕੋਈ ਸੂਚਨਾ ਨਹੀਂ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।