ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ
ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਕੁੰਜਰ ਵਿਚ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਇਕ 28 ਸਾਲ ਦੀ ਵਿਆਹੁਤਾ ਰਾਜਬੀਰ ਕੌਰ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਆਤਮਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਵਿਰੁਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿਤਾ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਦਸਿਆ ਕਿ ਉਸ ਦੀ ਧੀ ਰਾਜਬੀਰ ਕੌਰ ਦਾ 5 ਸਾਲ ਪਹਿਲਾਂ ਵਿਆਹ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ। ਉਹਨਾਂ ਦੀ ਇਕ 3 ਸਾਲ ਦੀ ਬੱਚੀ ਹੈ ਅਤੇ ਕੁੱਝ ਮਹੀਨਿਆਂ ਤੋਂ ਉਹਨਾਂ ਦੇ ਬੇਟੀ ਨੂੰ ਉਸ ਦਾ ਪਤੀ ਅਤੇ ਸੱਸ ਹਰਜਿੰਦਰ ਕੌਰ ਤੰਗ-ਪਰੇਸ਼ਾਨ ਕਰਦੇ ਸਨ। ਜਿਸ ਬਾਰੇ ਉਸ ਨੇ ਕਈ ਵਾਰ ਘਰ ਦਸਿਆ ਸੀ ਅਤੇ ਅੱਜ ਉਸ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। ਜਿਸ ਦੀ ਜਾਣਕਾਰੀ ਉਹਨਾਂ ਨੂੰ ਇਕ ਗੁਆਂਢੀ ਵਲੋ ਦਿਤੀ ਗਈ। ਜਦੋਂ ਉਹਨਾਂ ਨੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਦੀ ਮ੍ਰਿਤਕ ਦੇਹ ਘਰ ਦੇ ਵਿਚ ਪਈ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿਤਾ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਚ ਭੇਜ ਦਿਤਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਧੀ ਦੇ ਕਾਤਲ ਪਤੀ ਅਤੇ ਸੱਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਬਲਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਬੇਟੀ ਨੂੰ ਉਸ ਦਾ ਪਤੀ ਅਤੇ ਸੱਸ ਪਰੇਸ਼ਾਨ ਕਰਦੇ ਸਨ ਜਿਸ ਤੋਂ ਦੁਖੀ ਹੋ ਕੇ ਅੱਜ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਫਿਲਹਾਲ ਆਰੋਪੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਉਹਨਾਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।