ਨਾਲ ਹੀ ਸਿੱਖ ਸੰਗਤ ਨੂੰ ਸਾਥ ਦੇਣ ਦੀ ਵੀ ਕੀਤੀ ਅਪੀਲ
Pardhan Mantri Bajeke : ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ (pradhan mantri Bajeke) ਗਿੱਦੜਬਾਹਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇੱਕ ਵੀਡੀਓ ਪਾ ਕੇ ਇਸ ਦਾ ਐਲਾਨ ਕੀਤਾ ਤੇ ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ।
ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਕਿਹਾ ਕਿ ਉਹਨਾਂ ਦੇ ਪਿਤਾ ਜੇਲ੍ਹ ਵਿੱਚੋਂ ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਨਾਲ ਐਨਐਸਏ ਤਹਿਤ ਜੇਲ੍ਹ ‘ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਵੱਲੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਗਿੱਦੜਬਾਹਾ ‘ਚ ਹਲਚਲ ਸ਼ੁਰੂ ਹੋ ਚੁੱਕੀ ਹੈ।
ਦੱਸ ਦੇਈਏ ਕਿ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਪਿੱਛੋਂ ਇਥੇ ਜ਼ਿਮਨੀ ਚੋਣ ਹੋਵੇਗੀ। ਪੰਜਾਬ ਦੇ ਕੁੱਝ ਵਿਧਾਇਕਾਂ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲੀ ਹੋਈਆਂ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਭਾਵੇਂ ਅਜੇ ਹੋਣਾ ਬਾਕੀ ਹੈ ਪਰ ਇਹਨਾਂ ਸੀਟਾਂ ‘ਤੇ ਜ਼ਿਮਨੀ ਚੋਣਾਂ ਲੜਨ ਵਾਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਦੱਸ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਉਤੇ ਐਨਐਸਏ ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ।