
ਇੰਸਪੈਕਟਰ ਪਰਮਿੰਦਰ ਬਾਜਵਾ ਨੇ ਦੋ ਸਾਥੀਆਂ ਨਾਲ ਮਿਲ ਕੇ ਦੋ ਵਿਅਕਤੀਆਂ ਤੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਉਨ੍ਹਾਂ ਤੋਂ ਵਸੂਲੇ ਸੀ ਪੈਸੇ
ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ, ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਚੰਡੀਗੜ੍ਹ/ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ।
Punjab Police
ਬਰਖ਼ਾਸਤ ਕੀਤੇ ਗਏ ਪੁਲੀਸ ਮੁਲਾਜ਼ਮਾਂ ਦੀ ਪਛਾਣ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਵਿੱਚ ਨਾਰਕੋਟਿਕ ਕੰਟਰੋਲ ਸੈੱਲ ਵਿੱਚ ਤਾਇਨਾਤ ਸਨ। ਸੇਵਾਵਾਂ ਵਿੱਚ ਘੋਰ ਅਣਗਹਿਲੀ ਲਈ ਇੰਸਪੈਕਟਰ ਬਾਜਵਾ ਨੂੰ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਜਸਕਰਨ ਸਿੰਘ ਨੇ ਬਰਖਾਸਤ ਕੀਤਾ ਹੈ, ਜਦੋਂ ਕਿ ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਨੂੰ ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਬਰਖਾਸਤ ਕੀਤਾ ਹੈ। ਤਿੰਨਾਂ ਮੁਲਜ਼ਮਾਂ ਨੂੰ ਭਾਰਤ ਦੇ ਸੰਵਿਧਾਨ ਦੇ ਆਰਟੀਕਲ 311 (2) ਤਹਿਤ ਬਰਖ਼ਾਸਤ ਕੀਤਾ ਗਿਆ ਹੈ।
ਪੁਲਿਸ ਨੇ 25 ਜੁਲਾਈ, 2022 ਨੂੰ ਤਿੰਨਾਂ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 166, 167, 195, 471, 218, ਅਤੇ 120-ਬੀ ਅਤੇ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ 21, 59, ਅਤੇ 13 ਤਹਿਤ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਫਆਈਆਰ ਵੀ ਦਰਜ ਕੀਤੀ ਹੈ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇੰਸਪੈਕਟਰ ਬਾਜਵਾ, ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਦੀ ਅਗਵਾਈ ਵਿੱਚ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੀ ਟੀਮ ਨੇ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ 20 ਜੁਲਾਈ, 2022 ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਤੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਉਹਨਾਂ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਇਆ ਸੀ। ਇਸ ਸਬੰਧ ਵਿੱਚ ਮੁਲਜ਼ਮ ਇੰਸਪੈਕਟਰ ਬਾਜਵਾ ਵੱਲੋਂ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ।
Gaurav Yadav, DGP Punjab
ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਿਰੋਜ਼ਪੁਰ ਨੂੰ ਇਸ ਬਰਾਮਦਗੀ 'ਤੇ ਪਹਿਲਾ ਹੀ ਸ਼ੱਕ ਹੋ ਗਿਆ ਸੀ ਅਤੇ ਉਹਨਾਂ ਵੱਲੋਂ ਇਸ ਮਾਮਲੇ ਦੀ ਅੰਦਰੂਨੀ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਜਿਸ ਦੇ ਚਲਦਿਆਂ ਇੱਕ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਉਸਦੇ ਕਰਮਚਾਰੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਾਂ ਨੇ ਸਾਰਾ ਮਾਮਲਾ ਰਚਿਆ ਸੀ ਅਤੇ ਪੈਸੇ ਹੜੱਪਣ ਦੀ ਨੀਅਤ ਨਾਲ ਦੋਵਾਂ ਵਿਅਕਤੀਆਂ ਨੂੰ ਗਲਤ ਤਰੀਕੇ ਨਾਲ ਕੇਸ ਵਿੱਚ ਫਸਾਇਆ ਸੀ।
ਉਨ੍ਹਾਂ ਕਿਹਾ ਕਿ ਵਿਸਥਾਰਤ ਜਾਂਚ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਜਿਸ ਬਾਰੇ ਉਨ੍ਹਾਂ ਕੋਲ ਕੋਈ ਸਪੱਸ਼ਟੀਕਰਨ ਨਹੀਂ ਸੀ ਅਤੇ ਬਾਅਦ ਵਿੱਚ ਉਹ ਫਰਾਰ ਹੋ ਗਏ, ਜਿਸ ਨਾਲ ਸ਼ੱਕ ਹੋਰ ਵੀ ਵੱਧ ਗਿਆ। ਪੰਜਾਬ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਪੁਲਿਸ ਅਧਿਕਾਰੀ/ਕਰਮਚਾਰੀ ਕਿਸੇ ਵੀ ਕਿਸਮ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।