
ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਮੁਹਾਲੀ : ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਮੰਗਲਵਾਰ ਤੋਂ ਕੁਝ ਰਾਹਤ ਮਿਲੇਗੀ। ਮੌਸਮ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ, ਦੁਆਬੇ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ । ਇਸੇ ਤਰ੍ਹਾਂ ਪੂਰਬੀ ਮਾਲਵੇ ਵਿੱਚ ਲੁਧਿਅਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੁਹਾਲੀ ’ਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।
Rain
ਮੌਸਮ ਵਿਭਾਗ ਨੇ ਕਿਹਾ ਹੈ ਕਿ ਭਾਰੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਣ ਸਕਦੀ ਹੈ । ਅਜਿਹੇ ਵਿੱਚ ਵਿਭਾਗ ਨੇ ਲੋਕਾਂ ਨੂੰ ਭਾਰੀ ਬਾਰਿਸ਼ ਦੇ ਦਿਨਾਂ ਵਿੱਚ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਬਚਣ ਲਈ ਸੁਚੇਤ ਕੀਤਾ ਹੈ । ਇਸ ਤੋਂ ਇਲਾਵਾ ਲੋਕਾਂ ਨੂੰ ਬਰਸਾਤ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਵੀ ਚਿਤਾਵਨੀ ਦਿੱਤੀ ਹੈ।
Rain
ਜ਼ਿਕਰਯੋਗ ਹੈ ਕਿ ਐਤਵਾਰ ਸਵੇਰੇ ਅੱਠ ਵਜੇ ਤੋਂ ਦਸ ਵਜੇ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ। ਅੰਮ੍ਰਿਤਸਰ ’ਚ 22 ਐੱਮਐੱਮ, ਲੁਧਿਆਣਾ ’ਚ 2 ਐੱਮਐੱਮ, ਫ਼ਤਿਹਗੜ੍ਹ ਸਾਹਿਬ ’ਚ ਪੰਜ ਐੱਮਐੱਮ ਤੇ ਮੋਗੇ ’ਚ ਇਕ ਐੱਮਐੱਮ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ’ਚ ਦੁਪਹਿਰ 12 ਵਜੇ ਤੋਂ ਬਾਅਦ ਤੇਜ਼ ਧੁੱਪ ਰਹੀ। ਜਲੰਧਰ ਤੇ ਆਸ-ਪਾਸ ਸ਼ਾਮ ਪੰਜ ਕੁ ਵਜੇ ਮੁੜ ਬਾਰਿਸ਼ ਹੋਈ।