ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ ਜਨਹਿੱਤ ਪਟੀਸ਼ਨ
Punjab Municipal Council Election : ਪੰਜਾਬ ਦੀਆਂ 42 ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਦੇਰੀ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਜਵਾਬ ਦਾਇਰ ਕੀਤਾ ਜਾਣਾ ਸੀ ਪਰ ਸਰਕਾਰ ਨੇ ਆਪਣਾ ਪੱਖ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ ਨੂੰ ਤੈਅ ਕੀਤੀ ਹੈ। ਇਸ ਮਾਮਲੇ ਵਿੱਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵੱਲੋਂ ਅਦਾਲਤ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਬੇਅੰਤ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਪੂਰਾ ਹੋ ਚੁੱਕਾ ਹੈ। ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਉਨ੍ਹਾਂ ਦੀਆਂ ਚੋਣਾਂ ਨਹੀਂ ਕਰਵਾ ਰਹੀ ਹੈ। ਇਸ ਕਾਰਨ ਇਨ੍ਹਾਂ ਨਗਰ ਕੌਂਸਲਾਂ ਵਿੱਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਲੋਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ
ਚੋਣ ਨੋਟੀਫਿਕੇਸ਼ਨ ਜਾਰੀ
ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਮੁਤਾਬਕ ਚੋਣਾਂ 1 ਨਵੰਬਰ 2023 ਨੂੰ ਹੋਣੀਆਂ ਸਨ ਪਰ ਕੋਈ ਕਾਰਵਾਈ ਨਹੀਂ ਹੋਈ। ਫਿਲਹਾਲ ਇਹ ਮਾਮਲਾ ਲਟਕ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਦੇਰੀ ਦਾ ਮਾਮਲਾ ਵੀ ਹਾਈਕੋਰਟ ਪਹੁੰਚ ਗਿਆ ਸੀ। ਉਸ ਵਿੱਚ ਵੀ ਅਦਾਲਤ ਨੇ ਸਰਕਾਰ ਤੋਂ ਸਾਰੀ ਯੋਜਨਾਬੰਦੀ ਮੰਗੀ ਸੀ।