
ਕੇਂਦਰੀ ਫ਼ੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ 925 ਕਰੋੜ ਦੀ ਲਾਗਤ ਵਾਲੇ ਵੱਕਾਰੀ ਏਮਜ਼ ਬਠਿੰਡਾ ਪ੍ਰਾਜੈਕਟ.................
ਬਠਿੰਡਾ: ਕੇਂਦਰੀ ਫ਼ੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ 925 ਕਰੋੜ ਦੀ ਲਾਗਤ ਵਾਲੇ ਵੱਕਾਰੀ ਏਮਜ਼ ਬਠਿੰਡਾ ਪ੍ਰਾਜੈਕਟ ਦੀ ਉਸਾਰੀ ਵਾਸਤੇ ਪਹਿਲੀ ਇੱਟ ਲਗਾ ਕੇ ਪੰਜਾਬ ਦੇ ਮਾਲਵਾ ਖੇਤਰ ਵਿਚ ਸਿਹਤ ਸੇਵਾਵਾਂ ਅੰਦਰ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਲੇ ਇਸ ਮੈਡੀਕਲ ਕਾਲਜ ਕਮ ਹਸਪਤਾਲ ਦੀ ਇਮਾਰਤ ਦੀ ਉਸਾਰੀ ਦੀ ਸੰਕੇਤਕ ਸ਼ੁਰੂਆਤ ਕਰ ਦਿਤੀ ਹੈ। ਪ੍ਰਾਜੈਕਟ ਵਾਲੀ ਥਾਂ 'ਤੇ ਪ੍ਰਭਾਵਸ਼ਾਲੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਮੈਂ ਉਸਾਰੀ ਦਾ ਕੰਮ ਸ਼ੁਰੂ ਕਰਨ ਦਾ ਫ਼ੈਸਲਾ ਕਰ ਲਿਆ ਹੈ,
ਕਿਉਂਕਿ ਮੈਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਹੋਰ ਦੇਰੀ ਬਰਦਾਸ਼ਤ ਨਹੀਂ ਕਰ ਸਕਦੀ। ਸੂਬਾ ਸਰਕਾਰ ਚਾਹੁੰਦੀ ਹੈ ਤਾਂ ਬੇਸ਼ੱਕ ਆ ਕੇ ਉਸਾਰੀ ਦੇ ਕੰਮ ਨੂੰ ਰੋਕ ਦੇਵੇ। ਇਹ ਮੇਰਾ ਨਿੱਜੀ ਏਮਜ਼ ਨਹੀਂ ਹੈ। ਇਹ ਹਸਪਤਾਲ ਗ਼ਰੀਬ ਲੋਕਾਂ ਦੇ ਇਲਾਜ ਲਈ ਹੈ। ਜੇਕਰ ਕਾਂਗਰਸ ਸਰਕਾਰ ਇਨ੍ਹਾਂ ਲੋਕਾਂ ਨੂੰ ਕੈਂਸਰ ਦੇ ਇਲਾਜ ਸਮੇਤ ਉੱਚ ਸਿਹਤ ਸਹੂਲਤਾਂ ਦੇਣ ਤੋਂ ਆਨਾਕਾਨੀ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਸਰਕਾਰ ਨੂੰ ਇਨ੍ਹਾਂ ਗ਼ਰੀਬ ਲੋਕਾਂ ਨਾਲ ਟਕਰਾਉਣਾ ਪਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ
ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਜੇ ਵੀ ਇਹ ਝੂਠਾ ਦਾਅਵਾ ਕਰ ਰਹੇ ਹਨ ਕਿ ਪ੍ਰਾਜੈਕਟ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਦਿਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦੀ ਹਾਂ ਕਿ ਉਹ ਮੈਨੂੰ ਵਾਤਾਵਰਣ ਮਨਜ਼ੂਰੀ ਦੀ ਕਾਪੀ ਵਿਖਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਪ੍ਰਾਜੈਕਟ ਨੂੰ ਲਟਕਾਉਣ ਲਈ ਪਿਛਲੇ ਡੇਢ ਸਾਲ ਤੋਂ ਲੋੜੀਦੀਆਂ ਪ੍ਰਵਾਨਗੀਆਂ ਦੇਣ ਤੋਂ ਟਾਲਮਟੋਲ ਕਰ ਰਹੀ ਹੈ। ਬੀਬੀ ਬਾਦਲ ਨੇ ਕਿਹਾ ਕਿ ਇਥੋਂ ਤਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਜ਼ਮੀਨੀ ਹਕੀਕਤ ਤੋਂ ਜਾਣੂ ਨਹੀਂ ਹਨ।
ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਦਸੰਬਰ 2017 ਵਿਚ ਪੱਤਰ ਲਿਖ ਕੇ ਦਸਿਆ ਕਿ ਕਿਸ ਤਰ੍ਹਾਂ ਵਾਤਾਵਰਣ ਮਨਜ਼ੂਰੀ ਸਮੇਤ ਬਹੁਤ ਸਾਰੀਆਂ ਪ੍ਰਵਾਨਗੀਆਂ ਅਜੇ ਦਿਤੀਆਂ ਨਹੀਂ ਗਈਆਂ। ਇਹ ਵੀ ਦਸਿਆ ਸੀ ਕਿ ਪ੍ਰਾਜੈਕਟ ਵਾਲੀ ਥਾਂ ਤੋਂ ਬਿਜਲੀ ਦੇ ਖੰਭੇ ਅਤੇ ਰਜਵਾਹੇ ਹਟਾਉਣ ਵਾਲੇ ਹਨ ਅਤੇ ਇਕ ਬਿਜਲੀ ਗਰਿੱਡ ਲਗਾਉਣ ਵਾਲਾ ਹੈ। ਮੁੱਖ ਮੰਤਰੀ ਵਲੋਂ ਫ਼ਰਵਰੀ 2018 ਵਿਚ ਇਹ ਜਵਾਬ ਆਇਆ ਕਿ ਸਾਰੀਆਂ ਪ੍ਰਵਾਨਗੀਆਂ ਦਿਤੀਆਂ ਜਾ ਚੁੱਕੀਆਂ ਹਨ। ਇਹ ਪ੍ਰਵਾਨਗੀਆਂ ਅੱਜ ਤਕ ਨਹੀਂ ਦਿਤੀਆਂ ਗਈਆਂ ਹਨ। ਰਜਵਾਹਾ ਅਤੇ 11 ਕੇਵੀ ਲਾਈਨ ਅਜੇ ਵੀ ਪ੍ਰਾਜੈਕਟ ਵਾਲੀ ਥਾਂ ਉੱਤੇ ਮੌਜੂਦ ਹਨ। ਤੁਸੀਂ ਅੱਜ ਵੀ ਜਾ ਕੇ ਵੇਖ ਸਕਦੇ ਹੋ।
ਇਹ ਟਿੱਪਣੀ ਕਰਦਿਆਂ ਕਿ ਮੁੱਕਦੀ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਨੂੰ ਇਹ ਤੌਖ਼ਲਾ ਖਾਂਦਾ ਹੈ ਕਿ ਉਸ ਨੂੰ ਏਮਜ਼ ਬਠਿੰਡਾ ਸਥਾਪਤ ਕਰਨ ਦਾ ਸਿਹਰਾ ਮਿਲੇਗਾ, ਬੀਬੀ ਬਾਦਲ ਨੇ ਕਿਹਾ ਕਿ ਇਹੀ ਵਜ•ਾ ਹੈ ਕਿ ਪ੍ਰਵਾਨਗੀਆਂ ਦੇਣ ਵਿਚ ਜਾਣ ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹੀ ਵਜਾ ਹੈ ਕਿ ਜ਼ਿਲ•ਾ ਅਧਿਕਾਰੀਆਂ ਨੂੰ ਅੱਜ 'ਟੱਕ ਸਮਾਰੋਹ' ਵਿਚ ਆਉਣ ਤੋਂ ਰੋਕਿਆ ਗਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸੱਦਾ ਪੱਤਰ ਦਿੱਤੇ ਜਾਣ ਦੇ ਬਾਵਜੂਦ ਉਹਨਾਂ ਨੇ ਇਸ ਸਮਾਰੋਹ ਵਿਚ ਆਉਣ ਤੋਂ ਇਨਕਾਰ ਕਰ ਦਿੱਤਾ।
ਕਿੰਨੀ ਸ਼ਰਮ ਦੀ ਗੱਲ ਹੈ ਕਿ ਆਪਣੀ ਹੋਛੀ ਰਾਜਨੀਤੀ ਕਰਨ ਵਾਸਤੇ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਨੁਕਸਾਨ ਕਰ ਰਹੀ ਹੈ। ਬੀਬੀ ਬਾਦਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸਾਰਾ ਪ੍ਰਾਜੈਕਟ ਜਿਸ ਵਿਚ ਇਕ ਮੈਡੀਕਲ ਕਾਲਜ ਅਤੇ 750 ਬਿਸਤਰਿਆਂ ਵਾਲੇ ਹਸਪਤਾਲ ਤੋਂ ਇਲਾਵਾ ਨਰਸਿੰਗ ਕਾਲਜ ਅਤੇ ਹੋਰ ਬਹੁਤ ਸਾਰੀਆਂ ਮੈਡੀਕਲ ਸਹੂਲਤਾਂ ਹੋਣਗੀਆਂ, ਦੋ ਸਾਲਾਂ ਵਿਚ ਚਾਲੂ ਹੋ ਜਾਵੇਗਾ।