
ਮਹਿੰਦਰਾ, ਸਿੰਗਲਾ, ਆਸ਼ੂ, ਧਰਮਸੋਤ ਤੇ ਵੇਰਕਾ ਨੇ ਸਿੱਧੂ ਦੇ ਦੋ ਸਲਾਹਕਾਰਾਂ ਵਿਰੁਧ ਕਾਨੂੰਨੀ ਕਾਰਵਾਈ ਮੰਗੀ
ਚੰਡੀਗੜ੍ਹ, 24 ਅਗੱਸਤ (ਭੁੱਲਰ) : ਨਵਜੋਤ ਸਿੱਧੂ ਦੇ ਦੋ ਸਹਿਯੋਗੀਆਂ ਵਲੋਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ, ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਇਕ ਸਮੂਹ ਨੇ ਮੰਗਲਵਾਰ ਨੂੰ ਮਾਲਵਿੰਦਰ ਮਾਲੀ ਅਤੇ ਪਿਆਰੇ ਲਾਲ ਗਰਗ ਵਿਰੁਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੈ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਇਨ੍ਹਾਂ ਦੋਵਾਂ ਨਵ-ਨਿਯੁਕਤ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ ’ਤੇ ਭਾਰਤ ਦੇ ਹਿਤਾਂ ਵਿਰੁਧ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਨਾਕ ਹਨ।
ਮਾਲੀ ਅਤੇ ਗਰਗ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਪਾਰਟੀ ਅਤੇ ਦੇਸ਼ ਦੇ ਹਿੱਤ ਲਈ ਸਿੱਧੂ ਨੂੰ ਤੁਰਤ ਅਪਣੇ ਸਹਿਯੋਗੀਆਂ ’ਤੇ ਲਗਾਮ ਲਗਾਉਣ ਦੇ ਨਿਰਦੇਸ਼ ਦਿਤੇ ਜਾਣ। ਮੰਤਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਬਹੁਤ ਕੁਰਬਾਨੀਆਂ ਦਿਤੀਆਂ ਹਨ, ਜਿਵੇਂ ਸਰਹੱਦਾਂ ’ਤੇ ਸਾਡੇ ਫ਼ੌਜੀ ਦੇਸ਼ ਲਈ ਕਰਦੇ ਹਨ। ਕਿਸੇ ਨੂੰ ਵੀ ਇਨ੍ਹਾਂ ਕੁਰਬਾਨੀਆਂ ਨੂੰ ਦਾਅ ’ਤੇ ਲਾਉਣ ਅਤੇ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ ਅਤੇ ਨਾ ਹੀ ਅਜਿਹਾ ਕਰਨ ਦੀ ਆਗਿਆ ਦਿਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਖਾਸ ਤੌਰ ’ਤੇ ਸਰਹੱਦੀ ਰਾਜ ਪੰਜਾਬ ਲਈ ਗੰਭੀਰ ਸਾਬਤ ਹੋ ਸਕਦੇ ਹਨ।
ਨੇੜਲੇ ਸਹਿਯੋਗੀਆਂ ਵਲੋਂ ਅਜਿਹੇ ਦੇਸ਼ ਵਿਰੋਧੀ ਅਤੇ ਪਾਕਿ ਪੱਖੀ ਬਿਆਨਾਂ ਉਤੇ ਸਿੱਧੂ ਵਲੋਂ ਕੋਈ ਕਾਰਵਾਈ ਕਰਨ ’ਚ ਅਸਫ਼ਲ ਰਹਿਣ ਕਾਰਨ ਸਿੱਧੂ ’ਤੇ ਸਵਾਲ ਚੁਕਦਿਆਂ ਇਨ੍ਹਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਾਲਾਂਕਿ ਇਸ ਵਿਰੁਧ ਪਾਰਟੀ ਪੱਧਰ ’ਤੇ ਵੀ ਆਵਾਜ਼ ਉਠੀ ਹੈ, ਪਰ ਇਸ ਮਾਮਲੇ ’ਤੇ ਸਿੱਧੂ ਦੀ ਚੁੱਪ ਨੇ ਵਿਰੋਧੀ ਪਾਰਟੀਆਂ ਨੂੰ ਬੋਲਣ ਦਾ ਮੌਕਾ ਦਿਤਾ ਜੋ ਪਹਿਲਾਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸੈਨਾ ਮੁਖੀ ਨਾਲ ਨੇੜਤਾ ਨੂੰ ਉਛਾਲਣ ਲਈ ਕਾਹਲੇ ਸਨ। ਉਨ੍ਹਾਂ ਚਿਤਾਵਨੀ ਦਿਤੀ ਕਿ ਇਹ ਘਟਨਾਕ੍ਰਮ ਕਾਂਗਰਸ ਪਾਰਟੀ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ, ਜਿਨ੍ਹਾਂ ਵਿਚ ਛੇ ਮਹੀਨਿਆਂ ਤੋਂ ਵੀ ਘੱਟ ਸਮਾਂ ਹੈ, ਨੁਕਸਾਨ ਪਹੁੰਚਾ ਸਕਦਾ ਹੈ ।
ਇਕ ਬਿਆਨ ਵਿਚ ਪੰਜਾਬ ਕਾਂਗਰਸ ਦੇ ਚਾਰ ਨੇਤਾਵਾਂ ਨੇ ਕਸ਼ਮੀਰ ਬਾਰੇ ਮਾਲੀ ਦੇ ਬਿਆਨ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੀ ਮੌਜੂਦਾ ਪੋਜ਼ੀਸ਼ਨ ਦੇ ਲਿਹਾਜ਼ ਤੋਂ ਖ਼ਤਰਨਾਕ ਅਤੇ ਅਸਵੀਕਾਰਯੋਗ ਕਰਾਰ ਦਿਤਾ।