ਮਾਨ ਸਰਕਾਰ ਵੱਲੋਂ ਪੁਰਾਣੇ ਕਰਜ਼ੇ 'ਤੇ ਵਿਆਜ ਦਰਾਂ ਵਿਚ ਕਟੌਤੀ ਕਰਵਾਕੇ ਹਜ਼ਾਰਾਂ ਕਰੋੜਾਂ ਦੀ ਬਚਤ - ਹਰਪਾਲ ਚੀਮਾ
Published : Sep 25, 2023, 8:29 pm IST
Updated : Sep 26, 2023, 7:02 am IST
SHARE ARTICLE
Harpal Singh Cheema
Harpal Singh Cheema

ਕਿਹਾ, ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ

 

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਰਜ਼ੇ ਬਾਰੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੌਜੂਦਾ ਸੂਬਾ ਸਰਕਾਰ ਵੱਲੋਂ ਵਜੋਂ ਚੁੱਕੇ ਗਏ ਕਰਜੇ ਦੇ ਇੱਕ-ਇੱਕ ਪੈਸੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਕੁੱਲ ਕਰਜ਼ੇ ਵਿੱਚੋਂ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਕਰਜ਼ੇ ਦੇ ਵਿਆਜ ਵਜੋਂ 27 ਹਜ਼ਾਰ ਕਰੋੜ ਰੁਪਏ ਅਦਾ ਕੀਤੇ ਗਏ ਹਨ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੇਂਦਰ ਸਰਕਾਰ ਤੋਂ 8145 ਕਰੋੜ ਰੁਪਏ ਦੇ ਬਕਾਏ ਦਿਵਾਉਣ ਵਿੱਚ ਸੂਬਾ ਸਰਕਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿਰ ਪਿਛਲੇ ਡੇਢ ਸਾਲ ਦੌਰਾਨ ਚੜ੍ਹੇ 47,109 ਕਰੋੜ ਰੁਪਏ ਦੇ ਕਰਜ਼ੇ ਦੇ ਜਵਾਬ ਵਿੱਚ 48,530 ਕਰੋੜ ਰੁਪਏ ਦਾ ਲੇਖਾ-ਜੋਖਾ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 47109 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ, ਜਿਸ ਵਿੱਚ ਵਿੱਤੀ ਸਾਲ 2022-23 ਦੌਰਾਨ ਉਠਾਏ ਗਏ 32,448 ਕਰੋੜ ਰੁਪਏ ਅਤੇ 1 ਅਪ੍ਰੈਲ, 2023 ਤੋਂ 31 ਅਗਸਤ ਤੱਕ 14661 ਕਰੋੜ ਰੁਪਏ ਦੇ ਕਰਜ਼ੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 27,106 ਕਰੋੜ ਰੁਪਏ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਚੁੱਕੇ ਗਏ ਕਰਜ਼ੇ 'ਤੇ ਵਿਆਜ ਵਜੋਂ ਅਦਾ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਪੂੰਜੀਗਤ ਖਰਚੇ 'ਤੇ 10,208 ਕਰੋੜ ਰੁਪਏ ਖਰਚਣ ਤੋਂ ਇਲਾਵਾ ਸੂਬਾ ਸਰਕਾਰ ਨੇ ਪਨਸਪ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 1148 ਕਰੋੜ ਰੁਪਏ ਦੇ ਕਰਜ਼ੇ ਨੂੰ ਸਹਿਣ ਕੀਤਾ ਤਾਂ ਜੋ ਇਨ੍ਹਾਂ ਅਦਾਰਿਆਂ ਨੂੰ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਪਿਛਲੀਆਂ ਸਰਕਾਰਾਂ ਦੇ ਬਕਾਇਆ ਬਿਜਲੀ ਸਬਸਿਡੀ ਬਿੱਲ ਦੇ 2556 ਕਰੋੜ ਰੁਪਏ ਪੀ.ਐਸ.ਪੀ.ਸੀ.ਐਲ. ਨੂੰ ਅਦਾ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ 798 ਕਰੋੜ ਰੁਪਏ, ਗੰਨਾ ਕਿਸਾਨਾਂ ਦੇ 1008 ਕਰੋੜ ਰੁਪਏ, ਕੇਂਦਰੀ ਸਪਾਂਸਰਡ ਸਕੀਮਾਂ ਦੇ 1750 ਕਰੋੜ ਰੁਪਏ ਅਦਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਸਤੀਆਂ ਦਰਾਂ ’ਤੇ ਕਰਜ਼ਾ ਦਿਵਾਉਣ ਲਈ ਸਥਾਪਤ ਕੀਤੇ ਸਿੰਕਿੰਗ ਫੰਡ ਵਿੱਚ ਵੀ 4000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਵੱਲ ਕੁੱਲ 8145 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਵਿੱਚ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1857 ਕਰੋੜ ਰੁਪਏ ਵਿਸ਼ੇਸ਼ ਪੂੰਜੀ ਸਹਾਇਤਾ ਅਤੇ 651 ਕਰੋੜ ਰੁਪਏ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) ਸਮੇਤ ਰਾਜ ਦੇ ਬਕਾਏ ਮੰਗਣ ਲਈ ਸਬੰਧਤ ਕੇਂਦਰੀ ਮੰਤਰੀ ਨਾਲ ਮੁਲਾਕਾਤਾਂ ਵੀ ਕੀਤੀਆਂ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਝੂਠੀ ਬਿਆਨਬਾਜ਼ੀ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਕਰੜਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਜੀ.ਐਸ.ਟੀ. ਵਿੱਚ 17 ਫੀਸਦੀ, ਆਬਕਾਰੀ ਮਾਲੀਏ ਵਿੱਚ 44 ਫੀਸਦੀ, ਵਾਹਨਾਂ ਤੋਂ ਟੈਕਸਾਂ ਵਿੱਚ 13 ਫੀਸਦੀ, ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਮਾਲੀਏ ਵਿੱਚ 3 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੀ ਗਈ 32,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਕਰਜ਼ੇ ਦੀ ਸੌਗਾਤ ਦੀ ਵਿਆਜ ਦਰ ਨੂੰ ਘਟਾ ਕੇ 7.35 ਫੀਸਦੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਨਾਲ ਸੂਬੇ ਨੂੰ 3500 ਕਰੋੜ ਰੁਪਏ ਦੀ ਬਚਤ ਹੋਈ ਹੈ।

ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਗਲਵਾਰ ਤੋਂ ਅੰਮ੍ਰਿਤਸਰ ਵਿੱਚ ਹੋਣ ਵਾਲੀ ਨਾਰਥ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਂਸਲ ਦੀ ਪਿਛਲੀ ਮੀਟਿੰਗ ਦੌਰਾਨ ਬੀ.ਬੀ.ਐਮ.ਬੀ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਗਏ ਸਨ। ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਤੋਂ ਜ਼ਮੀਨ ਲੈਣ ਦੀਆਂ ਕੋਸ਼ਿਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ, ਹਰਿਆਣਾ ਪੰਚਕੂਲਾ ਵਿੱਚ ਆਪਣੀ ਵੱਖਰੀ ਵਿਧਾਨ ਸਭਾ ਬਣਾ ਸਕਦਾ ਹੈ।

ਕੈਨੇਡਾ-ਭਾਰਤ ਵਿਵਾਦ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਨੇਡਾ ਵਿੱਚ ਸਿਰਫ਼ ਪੰਜਾਬ ਦੇ ਹੀ ਨਹੀਂ ਪੂਰੇ ਭਾਰਤ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਉੱਥੇ ਕਈ ਭਾਰਤੀ ਪੇਸ਼ੇਵਰ ਵੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਰਾਹੀਂ ਇਸ ਮੁੱਦੇ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਤਾਂ ਹਮੇਸ਼ਾ ਹੀ ਕਦਰਾਂ-ਕੀਮਤਾਂ ਦੀ ਗੱਲ ਹੁੰਦੀ ਸੀ ਫਿਰ ਹੁਣ ਉਹ ਕਾਨੂੰਨ ਤੋਂ ਕਿਉਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਆਪਣਾ ਕਾਇਰਤਾ ਵਾਲਾ ਰਵੱਈਆ ਛੱਡ ਕੇ ਆਪਣੇ ਆਪ ਨੂੰ ਕਾਨੂੰਨ ਦੇ ਸਪੁਰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਜੇਕਰ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਹ ਡਰਦੇ ਕਿਉਂ ਹਨ।

ਭਾਜਪਾ ਦੇ ਮੌਜੂਦਾ ਪ੍ਰਧਾਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੀ ਵਿੱਤੀ ਹਾਲਤ ਅਤੇ ਕਰਜ਼ੇ ਬਾਰੇ ਦਿੱਤੇ ਬਿਆਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਸਿਰ ਸਭ ਤੋਂ ਵੱਧ ਕਰਜ਼ਾ ਚੜ੍ਹਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾ ਸਿਰਫ਼ ਬਕਾਇਆ ਕਰਜ਼ਾ ਮੁਆਫ਼ ਕਰ ਰਹੀ ਹੈ, ਸਗੋਂ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ 37 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 13 ਹਜ਼ਾਰ ਆਰਜ਼ੀ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਤਿੰਨ ਗੁਣਾ ਵਾਧਾ ਕੀਤਾ ਗਿਆ ਹੈ, ਸਿਖਲਾਈ ਦੌਰਾਨ ਪਟਵਾਰੀਆਂ ਦਾ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਕੀਤਾ ਗਿਆ ਹੈ, ਬਿਜਲੀ ਬਿੱਲ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਸਮੇਤ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement