ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ
ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋ ਵੱਖ-ਵੱਖ ਮੁੱਦਿਆਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮ ਬਾਰੇ ਅਤੇ ਅੰਬੇਦਕਰ ਭਵਨਾਂ ਦੀਆਂ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ
ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਦੋਰਾਨ 2.6 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਭਲਾਈ ਅਫਸਰਾਂ ਨੂੰ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ।
ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੀਆਂ ਤਜਵੀਜਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸਹੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜਰ ਹੋਏ।