ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ/ਲੁਧਿਆਣਾ : ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225 ਐਮ.ਐਲ.ਡੀ. ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ, ਸੁੰਦਰ ਨਗਰ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ ਬਹਾਦਰਕੇ ਟੈਕਸਟਾਈਲ ਇੰਡਸਟਰੀ ਦੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਦੌਰਾ ਕੀਤਾ।
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀ ਵੀ ਵੱਖ-ਵੱਖ ਥਾਵਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਹਾਜ਼ਰ ਸਨ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ ਅਤੇ ਸੀ.ਈ.ਟੀ.ਪੀ ਦੇ ਦੌਰੇ ਦੌਰਾਨ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦਾ ਉਦੇਸ਼ ਬੁੱਢੇ ਨਾਲੇ ਦੀ ਸਫਾਈ ਕਰਨ ਲਈ ਪ੍ਰੋਜੈਕਟ ਨੂੰ ਤੇਜ਼ ਕਰਨਾ ਅਤੇ ਉਦਯੋਗ ਦੀਆਂ ਸਮੱਸਿਆਵਾਂ, ਜੇਕਰ ਕੋਈ ਹਨ, ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਰੰਗਾਈ ਉਦਯੋਗ ਨੂੰ ਵੀ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼ਹਿਰ ਦੇ ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੇਕਰ ਲੋੜ ਪਈ ਤਾਂ ਸ਼ਹਿਰ ਵਿੱਚ ਹੋਰ ਸੀ.ਈ.ਟੀ.ਪੀ. ਵੀ ਲਗਾਏ ਜਾਣਗੇ। ਬੁੱਢੇ ਨਾਲੇ ਦੀ ਸਫ਼ਾਈ ਲਈ ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟਾਂ ਵਿੱਚੋਂ ਇੱਕ ਹੈ ਅਤੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੀ ਰਾਜ ਪੱਧਰ 'ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।