
ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਲਈ ਪ੍ਰੇਰਨ ਦੇ ਮੱਦੇਨਜ਼ਰ...
ਚੰਡੀਗੜ੍ਹ (ਸ.ਸ.ਸ) : ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਲਈ ਪ੍ਰੇਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਕਿਸਾਨਾਂ ਨੂੰ ਦਿੱਤੀ ਫਸਲੀ ਕਰਜ਼ਿਆਂ (ਬੀ ਕੰਪੋਨੈਂਟ) ਦੀ ਹੱਦ ਕਰਜ਼ਾ ਲਿਮਟ (ਐਮ.ਸੀ.ਐਲ.) 3000 ਰੁਪਏ ਪ੍ਰਤੀ ਏਕੜ ਵਧਾ ਦਿੱਤੀ ਹੈ। ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਇਕ ਏਕੜ ਪਿੱਛੇ ਦਿੱਤੀ ਜਾਂਦੀ ਐਮ.ਸੀ.ਐਲ. 9 ਹਜ਼ਾਰ ਰੁਪਏ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤੀ ਹੈ।
Sukhjinder Singh Randhawa
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਪਰਾਲੀ ਨੂੰ ਵਾਹ ਕੇ ਖੇਤਾਂ ਵਿੱਚ ਹੀ ਖਪਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਅੱਗੇ ਮੰਗ ਵੀ ਰੱਖੀ ਗਈ ਸੀ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਇਵਜ਼ ਵਜੋਂ ਵਿੱਤੀ ਸਹਾਇਤਾ ਦਿੱਤੀ ਜਾਵੇ ਪਰ ਹਾਲੇ ਤੱਕ ਕੇਂਦਰ ਨੇ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੇ ਵਧਦੇ ਖਰਚਿਆਂ ਨੂੰ ਦੇਖਦਿਆਂ ਬੀ ਕੰਪੋਨੈਂਟ ਲਈ ਦਿੱਤੇ ਜਾਂਦੇ ਫਸਲੀ ਕਰਜ਼ਿਆਂ ਦੀ ਐਮ.ਸੀ.ਐਲ. ਵਧਾਉਣ ਦਾ ਫੈਸਲਾ ਕੀਤਾ ਹੈ।
Sukhjinder Singh Randhawa
ਇਸ ਵਿੱਚ ਖਾਦ, ਡੀਜ਼ਲ ਆਦਿ ਦੀ ਖਰੀਦ ਸ਼ਾਮਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਰਾਹਤ ਦਾ ਸਾਢੇ ਸੱਤ ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਵਧੀ ਹੋਈ 3000 ਰੁਪਏ ਰਾਸ਼ੀ ਵਿੱਚੋਂ ਕਿਸਾਨ 2000 ਰੁਪਏ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੇ ਜਾਂਦੀ ਮਸ਼ੀਨਰੀ ਅਤੇ 1000 ਰੁਪਏ ਡੀਜ਼ਲ ਲਈ ਵਰਤ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਕਰਜ਼ਿਆਂ ਲਈ 9000 ਰੁਪਏ ਪ੍ਰਤੀ ਏਕੜ ਐਮ.ਸੀ.ਐਲ. ਸੀ ਜਿਸ ਵਿੱਚੋਂ 2500 ਰੁਪਏ ਡੀਜ਼ਲ ਲਈ ਵਰਤ ਸਕਦਾ ਸੀ ਅਤੇ ਹੁਣ ਕਿਸਾਨ 12000 ਰੁਪਏ ਪ੍ਰਤੀ ਏਕੜ ਐਮ.ਸੀ.ਐਲ. ਵਿੱਚੋਂ 3500 ਰੁਪਏ ਡੀਜ਼ਲ ਲਈ ਖਰਚ ਸਕਦਾ ਹੈ।
Sukhjinder Singh Randhawa
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੂੰ ਐਮ.ਸੀ.ਐਲ. ਵਧਾਉਣ ਦੇ ਆਦੇਸ਼ ਦਿੱਤੇ ਸਨ। ਇਸ ਸਬੰਧੀ ਰਜਿਸਟਰਾਰ ਨੇ ਤਕਨੀਕੀ ਕਮੇਟੀ ਦੀ ਮੀਟਿੰਗ ਕਰ ਕੇ ਐਮ.ਸੀ.ਐਲ. ਵਧਾਉਣ ਦਾ ਫੈਸਲਾ ਕੀਤਾ।