
Punjab News: ਡਾਕਟਰਾਂ ਨੇ ਬੈੱਡ ਰੈਸਟ ਦੀ ਦਿੱਤੀ ਸਲਾਹ, ਚੋਣ ਪ੍ਰਚਾਰ ਤੋਂ ਰਹਿਣਗੇ ਦੂਰ
MP Meet Hayer got dengue: ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਸਿਆਸੀ ਮਾਹੌਲ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਗਾਇਬ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਬਿਮਾਰ ਸਨ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਅੱਜ ਬਰਨਾਲਾ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਸੰਸਦ ਮੈਂਬਰ ਮੀਤ ਹੇਅਰ ਗੈਰਹਾਜ਼ਰ ਸਨ। ਆਮ ਆਦਮੀ ਪਾਰਟੀ ਦੇ ਆਗੂਆਂ ਮੁਤਾਬਕ ਮੀਤ ਹੇਅਰ ਡੇਂਗੂ ਕਾਰਨ ਬੈੱਡ ਰੈਸਟ 'ਤੇ ਹਨ। ਉਹਨਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।
ਇਸ ਗੱਲ ਦੀ ਪੁਸ਼ਟੀ ਮੀਤ ਹੇਅਰ ਦੇ ਦੋਸਤ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ। ਡੇਂਗੂ ਦੀ ਸ਼ਿਕਾਇਤ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜਿਸ ਕਾਰਨ ਉਹ ਅੱਜ ਨਹੀਂ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਠੀਕ ਹੋ ਕੇ ਚੋਣਾਂ ਲਈ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਹੁੰਦੀ ਰਹੀ ਹੈ ਅਤੇ ਇਸ ਵਾਰ ਵੀ ਬਰਨਾਲਾ ਦੇ ਲੋਕ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਉਣਗੇ।