 
          	ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹੈ- ਕੁਲਤਾਰ ਸੰਧਵਾਂ
ਚੰਡੀਗੜ੍ਹ: ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਨੋਟਸ/ਸਮੱਗਰੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਆਪਣੀ ਅਥਾਹ ਸੰਭਾਵਨਾ ਦੀ ਪੜਚੋਲ ਕਰ ਸਕਣ ਅਤੇ ਸਮਰਪਣ ਨਾਲ ਆਪਣੀ ਕਿਸਮਤ ਨੂੰ ਨਵਾਂ ਰੂਪ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਡੀ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਵਿਕਾਸ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਪਹਿਲਕਦਮੀ ਤਹਿਤ, ਪੰਜਾਬ ਦੇ ਨੌਜਵਾਨਾਂ ਦੀ ਸਖ਼ਤ ਮਿਹਨਤ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸਫਲਤਾ ਦੇ ਨਵੇਂ ਰਿਕਾਰਡ ਸਥਾਪਤ ਹੋਣਗੇ। ਸਪੀਕਰ ਨੇ ਅੱਗੇ ਕਿਹਾ ਕਿ ਇਹ ਕਦਮ ਇਤਿਹਾਸ ਵਿੱਚ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੀ ਤਰੱਕੀ ਲਈ ਇੱਕ ਮਿਸਾਲੀ ਪਹਿਲਕਦਮੀ ਵਜੋਂ ਦਰਜ ਰਹੇਗਾ।
ਇਸ ਉੱਘੀ ਸੰਸਥਾ ਤੋਂ ਕੋਚਿੰਗ ਪ੍ਰਾਪਤ ਕਰਨ ਉਪਰੰਤ ਵਿਦਿਆਰਥੀਆਂ ਨੇ ਬੇਹੱਦ ਖੁਸ਼ੀ ਮਹਿਸੂਸ ਕੀਤੀ। ਵਿਦਿਆਰਥੀਆਂ ਨੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
 
                     
                
 
	                     
	                     
	                     
	                     
     
     
     
                     
                     
                     
                     
                    