
Faridkot Accident News: ਕਾਰ ਦੇ ਉੱਡੇ ਪਰਖੱਚੇ
Faridkot Accident News in punjabi : ਫਰੀਦਕੋਟ ਦੇ ਸਾਦਿਕ ਰੋਡ 'ਤੇ ਕਾਰ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਸਮੇਤ ਦੋ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਕਰਵਾਇਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਕੰਮੇਆਣਾ ਦਾ ਰਹਿਣ ਵਾਲਾ ਸੁਖਰਾਜ ਸਿੰਘ ਉਰਫ ਰਾਜੂ ਆਪਣੇ ਦੋ ਸਾਥੀਆਂ ਪਰਮਦੀਪ ਸਿੰਘ ਅਤੇ ਮੰਗੂ ਉਰਫ ਪ੍ਰਭਦੀਪ ਨਾਲ ਕਾਰ ਵਿੱਚ ਫਰੀਦਕੋਟ ਤੋਂ ਸਾਦਿਕ ਰੋਡ ਵੱਲ ਜਾ ਰਿਹਾ ਸੀ।
ਉਹ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੀ ਪਹੁੰਚਿਆ ਸੀ ਕਿ ਉਸ ਦੀ ਕਾਰ ਅੱਗੇ ਜਾ ਰਹੇ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ ਕਾਰ ਦੇ ਪਰਖੱਚੇ ਉੱਡ ਗਏ। ਕਾਰ ਵਿਚ ਸਵਾਰ ਸੁਖਰਾਜ ਸਿੰਘ ਰਾਜੂ ਅਤੇ ਪਰਮਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਲੜਕੀ ਅਤੇ ਇੱਕ ਹੋਰ ਮੰਗੂ ਉਰਫ਼ ਪ੍ਰਭਦੀਪ ਵੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਲੜਕੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਹੈ।
ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਸਬੰਧੀ ਥਾਣਾ ਸਿਟੀ-2 ਦੇ ਐਸਐਚਓ ਸਬ ਇੰਸਪੈਕਟਰ ਸੁਖਦਰਸ਼ਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਅਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।