
ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਨ ਜਾ ਰਹੇ ਸੀ ਸੋਮ ਪ੍ਰਕਾਸ਼
ਹੁਸ਼ਿਆਰਪੁਰ : ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਹੁਸ਼ਿਆਰਪੁਰ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਦਰਅਸਲ ਅੱਜ ਸੋਮ ਪ੍ਰਕਾਸ਼ ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਮੌਕੇ ਭਾਜਪਾ ਵੱਲੋਂ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਹੁਸ਼ਿਆਰਪੁਰ ਪਹੁੰਚੇ।
Protest Against Som Parkash
ਉਹਨਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਇਕੱਠ ਨੇ ਚੌਂਕ ਨੂੰ ਜਾਮ ਕਰ ਦਿੱਤਾ। ਇਸ ਮੌਕੇ ਭਾਰੀ ਗਿਣਤੀ ‘ਚ ਪੁਲਿਸ ਫੋਰਸ ਤੈਨਾਤ ਕੀਤੀ ਗਈ। ਇਸ ਮੌਕੇ ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਪ੍ਰੋਗਰਾਮ ਨੂੰ ਰੋਕ ਦਿੱਤਾ। ਇਸ ਦੌਰਾਨ ਸੋਮ ਪ੍ਰਕਾਸ਼ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
Som Parkash
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ 18 ਹਜ਼ਾਰ ਕਰੋੜ ਦੀ ਰਕਮ ਪਾਈ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਲਈ ਮੈਂ ਲਗਾਤਾਰ ਕਿਸਾਨਾਂ ਨਾਲ ਗੱਲ ਕਰ ਰਿਹਾ ਹਾਂ। ਜਲਦੀ ਹੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ।
Protest Against Som Parkash
ਇਸ ਤੋਂ ਇਲਾਵਾ ਹੋਰ ਵੀ ਕਈ ਥਾਵਾਂ ‘ਤੇ ਭਾਜਪਾ ਸਮਰਥਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਵੀ ਕੀਤਾ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਇਸ ਦੇ ਬਾਵਜੂਦ ਕਿਸਾਨ ਸਾਬਕਾ ਮੰਤਰੀ ਦੇ ਘਰ ਬਾਹਰ ਪਹੁੰਚ ਗਏ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਪਰ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ ਅਤੇ ਅੱਗੇ ਵਧ ਗਏ। ਇਸ ਦੌਰਾਨ ਧੱਕਾ-ਮੁੱਕੀ ਵੀ ਹੋਈ ਤੇ 2 ਕਿਸਾਨਾਂ ਦੀਆਂ ਪੱਗਾਂ ਵੀ ਉਤਰ ਗਈਆਂ।