
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਹੋਈ ਬੈਠਕ 'ਚ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ...
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਹੋਈ ਬੈਠਕ 'ਚ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਵਲੋਂ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਹੋਇਆ ਅਸਤੀਫ਼ਾ ਨਾ-ਮਨਜ਼ੂਰ ਕਰ ਦਿਤਾ ਹੈ। ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਭਗਵੰਤ ਮਾਨ ਸਮੇਤ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰੋ. ਸਾਧੂ ਸਿੰਘ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ,
ਅਮਰਜੀਤ ਸਿੰਘ ਸੰਦੋਆ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ, ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਪਾਲ ਸੁੱਖੀ, ਡਾ. ਰਵਜੋਤ ਸਿੰਘ, ਜਮੀਲ-ਉਰ-ਰਹਿਮਾਨ ਅਤੇ ਮਨਜੀਤ ਸਿੰਘ ਸਿੱਧੂ ਮੌਜੂਦ ਸਨ। ਬੈਠਕ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੋਰ ਕਮੇਟੀ ਪੰਜਾਬ ਨੇ ਭਗਵੰਤ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਕੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨਗੀ ਦਾ ਅਹੁਦਾ ਸੰਭਾਲ ਕੇ ਸੂਬੇ 'ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੰਭਾਲਣ।
ਜਿਸ 'ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਸ ਮੁੱਦੇ 'ਤੇ ਵਿਸਤਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਕਿ ਨਸ਼ਿਆਂ ਦੇ ਮੁੱਦੇ 'ਤੇ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫ਼ੀ ਮੰਗਣ ਪਿੱਛੇ ਕਿਹੜੇ ਕਾਰਨ ਅਤੇ ਕੀ ਮਜਬੂਰੀ ਸੀ? ਕੋਰ ਕਮੇਟੀ ਦੇ ਪ੍ਰਸਤਾਵ ਨੂੰ ਕੇਂਦਰੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਕੋਲ ਭੇਜ ਦਿਤਾ ਅਤੇ ਅਪੀਲ ਕੀਤੀ ਗਈ ਕਿ ਉਹ ਸੂਬਾ ਪ੍ਰਧਾਨ ਦੇ ਅਹੁਦੇ ਲਈ ਭਗਵੰਤ ਮਾਨ ਵਲੋਂ ਦਿਤਾ ਗਿਆ ਅਸਤੀਫ਼ਾ ਨਾ ਮਨਜ਼ੂਰ ਕਰ ਕੇ ਉਨ੍ਹਾਂ ਦਾ ਅਹੁਦਾ ਬਹਾਲ ਕਰੇ।
ਇਸ ਮੌਕੇ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਹ ਪਹਿਲਾ ਅਰਵਿੰਦ ਕੇਜਰੀਵਾਲ ਨਾਲ ਬੈਠਕ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਮੁਲਾਕਾਤ ਲਈ ਛੇਤੀ ਹੀ ਦਿੱਲੀ ਜਾ ਰਹੇ ਹਨ। ਭਗਵੰਤ ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ 'ਚ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬੇਅਦਬੀ ਦੇ ਮਾਮਲਿਆਂ 'ਚ ਰੋਕ (ਸਟੇਅ) ਹਟਾ ਲੈਣ ਦਾ ਸਵਾਗਤ ਕਰਦੇ ਹਨ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਫੁਰਤੀ ਦਿਖਾ ਕੇ ਇਸ ਮਾਮਲੇ ਨੂੰ ਜਲਦੀ ਅੰਜਾਮ ਤੱਕ ਲੈ ਕੇ ਜਾਣਾ ਚਾਹੀਦਾ ਹੈ ਤਾਂ ਕਿ ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜਾ ਯਕੀਨੀ ਹੋ ਸਕੇ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੁਣ ਜਦ ਬੇਅਦਬੀ ਦੇ ਕੇਸਾਂ 'ਚ ਲਈ ਗਈ ਸਟੇਅ ਹਟ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਇਸ ਅਤਿ ਸੰਵੇਦਨਸ਼ੀਲ ਮੁੱਦੇ 'ਤੇ ਹੋਰ ਟਾਲ ਮਟੋਲ ਕਰਨ ਦਾ ਕੋਈ ਰਾਹ ਨਹੀਂ ਬਚਿਆ। ਚੀਮਾ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ 'ਚ ਅਕਾਲੀ-ਭਾਜਪਾ, ਕਾਂਗਰਸ ਨੂੰ ਛੱਡ ਕੇ 'ਆਪ' ਵਲੋਂ ਪੰਜਾਬ ਦੇ ਹਿਤਾਂ ਲਈ ਦੂਜੀਆਂ ਹਮਖ਼ਿਆਲ ਪਾਰਟੀਆਂ ਨਾਲ ਗੱਠਜੋੜ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ ਅਤੇ 'ਆਪ' ਸੂਬੇ ਦੀ ਬਿਹਤਰੀ ਲਈ ਹਰ ਸੰਭਵ ਸੰਭਾਵਨਾਵਾਂ ਤਲਾਸ਼ ਕਰ ਰਹੀ ਹੈ।