
ਪੁਲਿਸ ਨੇ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
ਪਟਿਆਲਾ - ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿਚ ਗਣਤੰਤਰ ਦਿਵਸ ਸਮਾਗਮ ਦੌਰਾਨ ਕੱਚੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮਨਪ੍ਰੀਤ ਸਿੰਘ ਬਾਦਲ ਕੌਮੀ ਝੰਡਾ ਲਹਿਰਾਉਣ ਲਈ ਪਟਿਆਲਾ ਪਹੁੰਚੇ ਸਨ। ਇਸ ਦੌਰਾਨ ਪੁਲਿਸ ਨੇ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਪੂਰਾ ਨਹੀਂ ਕੀਤਾ। ਇਸ ਲਈ ਉਹ ਅੱਜ ਬਾਦਲ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇੱਥੇ ਬਾਰਾ ਸੋਬਤੀ ਨੇੜੇ ਕੱਚੇ ਕਾਮੇ ਇਕੱਠੇ ਹੋਏ ਸਨ। ਮਨਪ੍ਰੀਤ ਸਿੰਘ ਬਾਦਲ ਜਿਉਂ ਹੀ ਸਮਾਗਮ ਵਾਲੀ ਥਾਂ 'ਤੇ ਪੁੱਜੇ ਤਾਂ ਮੁਲਾਜ਼ਮਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਥਾਣਿਆਂ ਵਿਚ ਬੰਦ ਕਰ ਦਿੱਤਾ। ਪਟਿਆਲਾ ਪਹੁੰਚੇ ਮਨਪ੍ਰੀਤ ਬਾਦਲ ਕੌਮੀ ਝੰਡਾ ਲਹਿਰਾਇਆ ਅਤੇ ਸਲਾਮੀ ਦਿੱਤੀ। ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਸਮਾਜ ਲਈ ਚੰਗਾ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।