ਆਲ ਗਰਲਜ਼ ਸਕੂਲ ਬੈਂਡ ਦੁਆਰਾ ਰਾਜਪਾਲ ਦਾ ਰਸਮੀ ਸਵਾਗਤ ਕੀਤਾ ਗਿਆ।
ਚੰਡੀਗੜ੍ਹ - ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਵੱਲੋਂ ਅੱਜ ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ ਦੇ ਲਾਅਨ ਵਿੱਚ ਵਿਸ਼ੇਸ਼ ਮਹਿਮਾਨਾਂ ਲਈ ਸਾਲਾਨਾ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 4.00 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ 'ਤੇ ਪਹੁੰਚਣ ਨਾਲ ਹੋਈ ਜਿਸ ਦੌਰਾਨ ਆਲ ਗਰਲਜ਼ ਸਕੂਲ ਬੈਂਡ ਦੁਆਰਾ ਰਾਜਪਾਲ ਦਾ ਰਸਮੀ ਸਵਾਗਤ ਕੀਤਾ ਗਿਆ।
ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ ਜਿੱਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਨਾਮਵਰ ਸ਼ਖਸੀਖਤਾਂ ਪਹੁੰਚੀਆਂ। ਰਾਜਪਾਲ ਨੇ ਹਾਜ਼ਰੀਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ। ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜੈੱਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਪਹਿਲੀ ਵਾਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਐਟ ਹੋਮ ਸਮਾਗਮ ਦੌਰਾਨ ਇੱਕ ਖੂਬਸਰਤ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ। ਉੱਤਰੀ ਜ਼ੋਨ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੀ ਇਸ ਪਹਿਲਕਦਮੀ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ। ਪਹਿਲੀ ਵਾਰ ਨੈਸ਼ਨਲ ਐਵਾਰਡੀਆਂ, ਨਾਮਵਰ ਖਿਡਾਰੀਆਂ ਅਤੇ ਦਿਵਿਆਂਗਜਨਾਂ ਦੀ ਮੌਜੂਦਗੀ ਇਸ ਸਮਾਗਮ ਦੀ ਇਕ ਹੋਰ ਵਿਸ਼ੇਸ਼ਤਾ ਸੀ।
ਇਸ ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ, ਸੰਸਦ ਮੈਂਬਰ ਕਿਰਨ ਖੇਰ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ, ਚੰਡੀਗੜ੍ਹ ਦੇ ਨਵੇਂ ਚੁਣੇ ਗਏ ਮੇਅਰ ਅਨੂਪ ਗੁਪਤਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ
ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ ਧਰਮਪਾਲ, ਵਧੀਕ ਸਾਲਿਸਟਰ ਜਨਰਲ, ਭਾਰਤ ਸਰਕਾਰ ਸਤਿਆ ਪਾਲ ਜੈਨ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਡੀ.ਜੀ.ਪੀ. ਚੰਡੀਗੜ੍ਹ ਪ੍ਰਵੀਰ ਰੰਜਨ, ਹਥਿਆਰਬੰਦ ਬਲਾਂ ਦੇ ਅਧਿਕਾਰੀ, ਉਪ ਕੁਲਪਤੀ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ, ਡਾਕਟਰ, ਪੱਤਰਕਾਰ, ਉਦਯੋਗਪਤੀ, ਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਸ਼ਾਮਲ ਹੋਣ ਲਈ ਪਹੁੰਚੀਆਂ।