
Moga Accident News: ਵਿਆਹ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ
Moga Accident News in punjabi : ਮੋਗਾ 'ਚ ਦੇਰ ਰਾਤ ਅੰਮ੍ਰਿਤਸਰ ਰੋਡ 'ਤੇ ਪਿੰਡ ਲੋਹਾਰਾ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਘਟਨਾ ਰਾਤ ਕਰੀਬ 10 ਵਜੇ ਵਾਪਰੀ। ਸਵਿਫ਼ਟ ਅਤੇ ਆਲਟੋ ਕਾਰ ਦੀ ਸਿੱਧੀ ਟੱਕਰ ਵਿੱਚ ਦੋਵੇਂ ਵਾਹਨਾਂ ਵਿੱਚ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸਵਿਫ਼ਟ ਕਾਰ ਵਿੱਚ ਸਵਾਰ ਵਿਅਕਤੀ ਲੁਧਿਆਣਾ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।
ਸਮਾਜ ਸੇਵਾ ਸੁਸਾਇਟੀ ਅਤੇ 108 ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ। ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਗੰਭੀਰ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ।
ਮੋਗਾ ਨਗਰ ਨਿਗਮ ਦੇ ਮੇਅਰ ਅਤੇ ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਬਲਜੀਤ ਸਿੰਘ ਨੇ ਦੱਸਿਆ ਕਿ ਕਾਰ ’ਚੋਂ ਨੌਜਵਾਨ ਨੂੰ ਕੱਢਣਾ ਬਹੁਤ ਮੁਸ਼ਕਲ ਸੀ। ਇਸ ਵੇਲੇ ਦੋ ਜ਼ਖ਼ਮੀ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।