
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਵਰਤਣ ਦੀ ਅਪੀਲ ਕੀਤੀ ਤਾਂ ਕਿ ਉਨ੍ਹਾਂ ਦੀ ਨਰਮੇ ਦੀ ਫਸਲ ਦਾ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਹੋ ਸਕੇ।
ਮਾਨਸਾ ਵਿਖੇ ਚਿੱਟੀ ਮੱਖੀ ਨਾਲ ਪ੍ਰਭਾਵਿਤ ਫਸਲ ਦਾ ਜਾਇਜ਼ਾ ਲੈਣ ਮੌਕੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਨਕਲੀ ਕੀਟਨਾਸ਼ਕਾਂ ਦੀ ਸਪਲਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਕਿਸੇ ਵੀ ਸੂਰਤ 'ਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਵੀ ਅਣਗਹਿਲੀ ਵਰਤਣ ਦੇ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ ਵੀ ਸਜ਼ਾ ਭੁਗਤਣੀ ਪਏਗੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਕੇ ਅਤੇ ਹੁੰਮਸ 'ਚ ਚਿੱਟੀ ਮੱਖੀ ਦਾ ਫੈਲਾਅ ਹੋਣ ਦੀ ਸਥਿਤੀ ਨਾਲ ਨਜਿੱਠਣ ਲਈ ਢੰਗ ਤਰੀਕੇ ਤਲਾਸ਼ਣ ਲਈ ਬੁੱਧਵਾਰ ਨੂੰ ਮੀਟਿੰਗ ਸੱਦੀ ਗਈ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ 'ਤੇ ਨਾ ਚੱਲਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਐਲਾਨ ਕੀਤੇ ਗਏ ਕਰਜ਼ਾ ਮਾਫੀ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਕਾਸ਼ਤ ਦੇ ਚਾਰ ਮਹੀਨਿਆਂ ਦੌਰਾਨ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕੁੱਝ ਇਲਾਕਿਆਂ 'ਚ ਘਟੀਆ ਕਿਸਮ ਦੇ ਬੀਜ ਬੀਜਣ ਦੇ ਨਤੀਜੇ ਵਜੋਂ ਬੀਜਾਂ ਦੇ ਘੱਟ ਜੰਮਣ 'ਤੇ ਵੀ ਚਿੰਤਾ ਪ੍ਰਗਟ ਕੀਤੀ ਹੈ।