
ਕਿਹਾ ਸੂਬਾ ਸਰਕਾਰ ਨਹੀਂ ਲੈ ਰਹੀ ਕਿਸਾਨਾਂ ਦੀ ਸਾਰ
ਲੁਧਿਆਣਾ (ਰਾਜਵਿੰਦਰ ਸਿੰਘ)- ਇਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਕਰਕੇ ਹਰ ਰੋਜ਼ ਪੰਜਾਬ ਵਿਚ ਮੌਤਾਂ ਹੋ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਪੰਜਾਬ ਦੇ ਵਿਚ ਸਿਆਸਤ ਵੀ ਲਗਾਤਾਰ ਗਰਮਾਈ ਹੋਈ ਹੈ। ਹਰ ਰੋਜ਼ ਕੋਈ ਨਾ ਕੋਈ ਸਿਆਸਤਦਾਨ ਇਕ ਦੂਜੇ ਤੇ ਕਿਸੇ ਨਾ ਕਿਸੇ ਤੇ ਤੰਜ਼ ਕੱਸਦਾ ਰਹਿੰਦਾ ਹੈ। ਇਸ ਦੇ ਨਾਲ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਵਿਖੇ ਰਿਹਾਇਸ਼ ਦੇ ਬਾਹਰ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਮੰਡੀਆਂ ਵਿਚ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ ਪਰ ਸਰਕਾਰ ਸੁੱਤੀ ਪਈ ਹੈ।
Shiromani Akali Dal Protest
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਬਾਕੀ ਸੂਬਿਆਂ ਦੇ ਵਿਚ ਕਣਕ ਦੀ ਖਰੀਦ ਮੁਕੰਮਲ ਹੋ ਚੁੱਕੀ ਹੈ ਪਰ ਪੰਜਾਬ ਦੀਆਂ ਮੰਡੀਆਂ ਵਿਚ ਹਾਲਾਤ ਠੀਕ ਨਹੀਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲੇਟ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਕਿਸਾਨਾਂ ਨੂੰ ਦਰਪੇਸ਼ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰਨ 'ਚ ਨਾਕਾਮ ਸਾਬਿਤ ਹੋ ਰਹੀ ਹੈ।
Shiromani Akali Dal Protest
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ। ਉੱਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਅੱਜ ਇਹ ਰੋਸ ਖੁਰਾਕ ਸਪਲਾਈ ਮੰਤਰੀ ਦੇ ਘਰ ਦੇ ਬਾਹਰ ਕੀਤਾ ਜਾ ਰਿਹਾ ਹੈ ਕਿਉਂਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲਾ ਪੰਜਾਬ ਦਾ ਕਿਸਾਨ ਮੰਡੀਆਂ 'ਚ ਖੱਜਲ ਖੁਆਰ ਹੋ ਰਿਹਾ ਹੈ।
Sharanjeet Singh Dhillon
ਉੱਥੇ ਹੀ ਸਾਬਕਾ ਜੇਲ੍ਹ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਕਿਸਾਨ ਮੰਡੀਆਂ ਵਿਚ ਖੱਜਲ-ਖੁਆਰ ਹੋ ਰਹੇ ਹਨ ਅਤੇ ਮੁੱਖ ਮੰਤਰੀ ਸਾਹਿਬ ਘਰੋਂ ਨਹੀਂ ਨਿਕਲਦੇ। ਅੱਜ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਦੇ ਬਾਹਰ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਧਰਨੇ ਨੂੰ ਲੈ ਕੇ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਪੁਲਿਸ ਫੋਰਸ ਵੀ ਵੱਡੀ ਤਦਾਦ 'ਚ ਤੈਨਾਤ ਕੀਤੀ ਗਈ ਹੈ। ਮੌਕੇ ਤੇ ਮੌਜੂਦ ਏਸੀਪੀ ਜਤਿੰਦਰ ਸਿੰਘ ਨੇ ਕਿਹਾ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਅਤੇ ਜੇਕਰ ਕੋਈ ਕੋਰੋਨਾ ਮਹਾਂਮਾਰੀ ਨਿਯਮਾਂ ਦੀ ਧੱਜੀਆਂ ਉਡਾਏਗਾ। ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।