
ਲੁਧਿਆਣਾ 'ਚ ਬਲੈਕ ਫੰਗਸ ਦੇ ਮਰੀਜ਼ਾਂ ਦੀ ਗਿਣਤੀ 44 ਹੋ ਗਈ ਹੈ
ਲੁਧਿਆਣਾ : ਲੁਧਿਆਣਾ ਦੇ ਸਥਾਨਕ ਹਸਪਤਾਲ ’ਚ ਬਲੈਕ ਫੰਗਸ ਦੇ 4 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਇਨ੍ਹਾਂ ਮਰੀਜ਼ਾਂ ਦੀ ਗਿਣਤੀ 44 ਹੋ ਗਈ ਹੈ। ਜ਼ਿਲ੍ਹਾ ਐਪੀਡੇਮਿਓਲੋਜਿਸਟ ਡਾ. ਰਮੇਸ਼ ਭਗਤ ਮੁਤਾਬਕ ਇਨ੍ਹਾਂ ਮਰੀਜ਼ਾਂ ’ਚ 18 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 26 ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਹੁਣ ਤੱਕ ਬਲੈਕ ਫੰਗਸ ਨਾਲ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਚੋਂ 2 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਸਨ, ਜਦੋਂ ਕਿ ਚਾਰ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਸਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਬਲੈਕ ਫੰਗਸ ਨੇ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਵੀ ਦਸਤਕ ਦੇ ਦਿੱਤੀ ਹੈ ਜਿੱਥੇ ਬਲੈਕ ਫੰਗਸ ਨਾਲ 3 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਹਨਾਂ ਵਿਚੋਂ 1 ਦੀ ਮੌਤ ਹੋ ਗਈ ਹੈ ਜਦਕਿ 2 ਜ਼ੇਰੇ ਇਲਾਜ ਹਨ। ਇਹ ਜਾਣਕਾਰੀ ਸਿਵਲ ਸਰਜਨ ਫ਼ਾਜ਼ਿਲਕਾ ਡਾ ਪਰਮਿੰਦਰ ਸਿੰਘ ਨੇ ਸਾਂਝੀ ਕੀਤੀ ਹੈ।