
ਜਦੋਂ ਤੱਕ ਮੋਦੀ ਸਰਕਾਰ ਇਹਨਾਂ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਉਦੋਂ ਤੱਕ ਇਸ ਤਰ੍ਹਾਂ ਦੇ ਪ੍ਰਦਰਸ਼ਨ ਜਾਰੀ ਰਹਿਣਗੇ।
ਅਜਨਾਲਾ - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਇਸ ਲਈ ਅੱਜ ਕਿਸਾਨ ਕਾਲਾ ਦਿਵਸ ਮਨਾ ਰਹੇ ਹਨ। ਇਸ ਦੇ ਸਮਰਥਨ ਵਿਚ ਪੂਰਾ ਭਾਰਤ ਕਿਸਾਨਾਂ ਦੇ ਨਾਲ ਖੜ੍ਹਾ ਹੈ। ਦੱਸ ਦਈਏ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸਰਹੱਦੀ ਖੇਤਰ 'ਚ ਲੋਕਾਂ ਵਲੋਂ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਹਿਰਾ ਕੇ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ।
Farmer's Protest
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਲਹਿਰਾਗਾਗਾ ਇਕਾਈ ਨੇ ਵੀ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਮਾਰੂ ਤੇ ਕਿਸਾਨ ਵਿਰੋਧੀ ਹਨ।
Farmer's Protest
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ, ਜਿਸ ਦੇ ਚਲਦਿਆਂ ਅੱਜ ਲਹਿਰਾਗਾਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਪਿਛਲੇ ਛੇ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਜਾਰੀ ਸੰਘਰਸ਼ ਸਿਰਫ ਕਿਸਾਨਾਂ ਦਾ ਸੰਘਰਸ਼ ਨਹੀਂ ਸਗੋਂ ਹਰ ਵਿਅਕਤੀ ਦਾ ਸੰਘਰਸ਼ ਹੈ। ਉਹਨਾਂ ਨੇ ਕਿਹਾ ਜਦੋਂ ਤੱਕ ਮੋਦੀ ਸਰਕਾਰ ਇਹਨਾਂ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਉਦੋਂ ਤੱਕ ਇਸ ਤਰ੍ਹਾਂ ਦੇ ਪ੍ਰਦਰਸ਼ਨ ਜਾਰੀ ਰਹਿਣਗੇ। ਕਿਸਾਨਾਂ ਨੇ ਦੇਸ਼ ਦੇ ਲੋਕਾਂ ਤੋਂ ਵੀ ਸਮਰਥਨ ਮੰਗਿਆ ਹੈ।