
ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿਚ ਇਕ ਕੈਦੀ ਵੱਲੋਂ ਆਪਣੇ ਰਿਸ਼ਤੇਦਾਰ ਨੂੰ ਵੀਡੀਓ ਕਾਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਚੰਡੀਗੜ੍ਹ: ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿਚ ਇਕ ਕੈਦੀ ਵੱਲੋਂ ਆਪਣੇ ਰਿਸ਼ਤੇਦਾਰ ਨੂੰ ਵੀਡੀਓ ਕਾਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਤੇ ਸੀਐਮ ਭਗਵੰਤ ਮਾਨ ਨੇ ਸਖ਼ਤ ਐਕਸ਼ਨ ਲਿਆ ਹੈ ਅਤੇ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਮਗਰੋਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ।
ਉਹਨਾਂ ਟਵੀਟ ਕਰਦਿਆਂ ਲਿਖਿਆ, “ਮਾਣਯੋਗ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ “ਸੁਧਾਰ ਘਰ ਨੂੰ ਸਹੀ ਅਰਥਾਂ ’ਚ ਸੁਧਾਰ ਘਰ ਬਣਾਇਆ ਜਾਵੇਗਾ।” ਜੇਲ੍ਹਾਂ ’ਚ ਮੋਬਾਈਲ ਫੋਨ ਦੀ ਵਰਤੋਂ ਜਾਂ ਭ੍ਰਿਸ਼ਟਾਚਾਰ ਦੀ ਕਿਸੇ ਵੀ ਘਟਨਾ ਲਈ ਜੇਲ੍ਹ ਸੁਪਰਡੈਂਟ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ”। ਦੱਸ ਦੇਈਏ ਕਿ ਕੇਂਦਰੀ ਜੇਲ੍ਹ ਫਰੀਦਕੋਟ ਵਿਚ ਹਵਾਲਾਤੀ ਵੱਲੋਂ ਅਪਣੇ ਰਿਸ਼ਤੇਦਾਰਾਂ ਨੂੰ ਵੀਡੀਓ ਕਾਲ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ।