ਕਿਰਤੀ ਕਿਸਾਨ ਯੂਨੀਅਨ ਦੀ ਸੂਬਾਈ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਹੋਏ ਸ਼ਾਮਲ
Published : May 26, 2023, 8:03 pm IST
Updated : May 26, 2023, 8:03 pm IST
SHARE ARTICLE
Farmers protest
Farmers protest

- ਭਗਵੰਤ ਮਾਨ ਸਰਕਾਰ ਨੂੰ ਪਾਣੀ ਦੇ ਮਸਲੇ 'ਤੇ ਲੋਕਾਂ ਦੇ ਜਜ਼ਬਾਤਾਂ ਨਾਲ ਖੇਡਣ ਤੋਂ ਬਾਜ਼ ਆਉਣ ਦੀ ਦਿੱਤੀ ਚੇਤਾਵਨੀ 

 

ਮੋਗਾ - ਪੰਜਾਬ ਦੇ ਲੋਕ-ਮਨ ਵਿਚ ਖੇਤੀ ਅਤੇ ਪਾਣੀ ਦੇ ਗੰਭੀਰ ਸੰਕਟ ਦੀ ਦਰਪੇਸ਼ ਚੁਣੌਤੀ ਨੂੰ ਹੱਲ ਕਰਨ ਦੀ ਜ਼ੋਰਦਾਰ ਤਾਂਘ ਉੱਸਲਵੱਟੇ ਲੈ ਰਹੀ ਹੈ। ਇਸ ਤਾਂਘ ਦੀ ਸਪੱਸ਼ਟ ਗਵਾਹੀ ਅੱਜ ਮੋਗਾ ਦੀ ਦਾਣਾ ਮੰਡੀ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤੀ ਸੂਬਾਈ ਰੈਲੀ ਨੇ ਦੇ ਦਿੱਤੀ ਹੈ। ਸੂਬੇ ਦੇ ਤਿੰਨੋਂ ਖਿੱਤਿਆਂ ਮਾਝਾ, ਮਾਲਵਾ ਅਤੇ ਦੋਆਬਾ ਦੇ ਪੰਦਰਾਂ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਅੱਜ ਦੀ ਰੈਲੀ ਵਿਚ ਸ਼ਾਮਲ ਸਨ। ਹਰ ਖੇਤ ਤੱਕ ਨਹਿਰੀ ਪਾਣੀ-ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ, ਖੇਤੀ ਮਾਡਲ ਬਦਲੋ ਅਤੇ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਦੀ ਜੋਰਦਾਰ ਮੰਗ ਅੱਜ ਦੀ ਵਿਸ਼ਾਲ ਰੈਲੀ ਦਾ ਕੇਂਦਰ ਬਿੰਦੂ ਸੀ। ਰੈਲੀ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਹਰਮੇਸ਼ ਸਿੰਘ ਢੇਸੀ, ਸਤਿਬੀਰ ਸਿੰਘ ਸੁਲਤਾਨੀ ਅਤੇ ਔਰਤ ਕਿਸਾਨ ਆਗੂ ਛਿੰਦਰਪਾਲ ਕੌਰ ਰੋਡੇ ਨੇ ਕੀਤੀ।

ਜ਼ਿਕਰਯੋਗ ਹੈ ਕਿ ਫ਼ਸਲੀ ਵਿਭਿੰਨਤਾ ਲਈ ਸਮੁੱਚੀ ਖੇਤੀ ਪੈਦਾਵਾਰ ਦੀ ਸਵਾਮੀਨਾਥਨ ਫਾਰਮੂਲੇ ਤਹਿਤ ਐਮ.ਐਸ.ਪੀ. ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ, ਕਿਸਾਨਾਂ ਦੀ ਕਰਜ਼ਾ ਮੁਕਤੀ, ਆਬਾਦਕਾਰਾਂ ਨੂੰ ਉਜਾੜਨਾ ਬੰਦ ਕਰਕੇ ਮਾਲਕੀ ਹੱਕ ਦੇਣ ਦੇ ਨਾਲ-ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫੈਡਰਲ ਢਾਂਚੇ ਨੂੰ ਢਾਹ ਲਾ ਕੇ ਸੂਬੇ ਦੇ ਅਧਿਕਾਰਾਂ ’ਤੇ ਮਾਰੇ ਜਾ ਰਹੇ ਡਾਕੇ ਆਦਿ ਮੁੱਦੇ ਵੀ ਰੈਲੀ ਵਿੱਚ ਮਜ਼ਬੂਤ ਢੰਗ ਨਾਲ ਉਭਾਰੇ ਗਏ।

ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਖੇਤੀ ਸੰਕਟ ਨੂੰ ਹੱਲ ਕਰਨ ਲਈ ਫ਼ਸਲੀ-ਵਿਭਿੰਨਤਾ ਦੇ ਦਾਅਵੇ ਮਹਿਜ ਕਾਗਜ਼ੀ ਇਸ਼ਤਿਹਾਰ ਬਣ ਕੇ ਰਹਿ ਗਏ ਹਨ। ਖੇਤੀ ਸੰਕਟ ਦੀ ਬੁਨਿਆਦੀ ਜੜ੍ਹ ਹਰੇ ਇਨਕਲਾਬ ਦੇ ਕਾਰਪੋਰੇਟ ਪੱਖੀ ਖੇਤੀ ਵਿਕਾਸ ਮਾਡਲ ਵਿੱਚ ਪਈ ਹੈ, ਜਿਸ ਨੇ ਅੱਜ ਕਿਸਾਨੀ ਦਾ ਵਾਲ-ਵਾਲ ਕਰਜ਼ਾਈ ਕਰਨ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਦਾ ਸੰਕਟ ਖੜਾ ਕਰ ਦਿੱਤਾ ਹੈ।

ਇਸ ਮਾਡਲ ਨੂੰ ਆਤਮ-ਨਿਰਭਰ, ਜ਼ਹਿਰ ਮੁਕਤ ਕੁਦਰਤ ਪੱਖੀ ਅਤੇ ਲਾਭਕਾਰੀ ਖੇਤੀ ਮਾਡਲ ਨਾਲ ਬਦਲਣ ਦੀ ਲੋੜ ਹੈ ਪਰ ਅਜਿਹਾ ਕਰਨ ਤੋਂ ਘੇਸਲ ਵੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਨੇ ‘ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰੋ’ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ ਹੀ ਯੂਨੀਅਨ ਜਿੱਥੇ ਸਾਰੀ ਖੇਤੀ ਪੈਦਾਵਾਰ ਲਈ ਸਵਾਮੀਨਾਥਨ ਫਾਰਮੂਲੇ ਨਾਲ ਐਮ.ਐਸ.ਪੀ. ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਏ ਜਾਣ ਦੀ ਮੰਗ ਕਰ ਰਹੀ ਹੈ, ਉਥੇ ਨਾਲ ਹੀ ਪਾਣੀ ਦੀ ਸੰਭਾਲ ਅਤੇ ਪੜਾਅਵਾਰ ਜ਼ਹਿਰ ਮੁਕਤ ਖੇਤੀ ਵੱਲ ਵਧਣ ਅਤੇ ਕਿਸਾਨਾਂ ਦੀ ਕਰਜ਼ਾ ਮੁਕਤੀ ਦੀ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਵੀ ਕਰਦੀ ਹੈ।   

ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਅਤੇ ਸੂਬਾ ਖਜ਼ਾਨਚੀ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਇੱਕ ਪਾਸੇ ਤਾਂ ਸੂਬੇ ਵਿੱਚ ਪਾਣੀ ਦਾ ਸੰਕਟ ਦਿਨੋਂ ਦਿਨ ਵਧਦਾ ਜਾ ਰਿਹਾ ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜਸਥਾਨ ਨੂੰ ਅੰਦਰਖਾਤੇ ਵੱਧ ਪਾਣੀ ਦੇਣ ਦੀਆਂ ਕਨਸੋਆਂ ਮਿਲ ਰਹੀਆਂ ਹਨ। ਉਨ੍ਹਾਂ ਇਸ ਤੇ ਸਖਤ ਇਤਰਾਜ਼ ਜਤਾਉਂਦੇ ਹੋਏ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸੂਬੇ ਦੇ ਲੋਕਾਂ ਦੇ ਜਜ਼ਬਾਤ ਨਾਲ ਖੇਡਣਾ ਬੰਦ ਕਰਕੇ ‘ਹਰ ਖੇਤ ਤੱਕ ਨਹਿਰੀ ਪਾਣੀ - ਹਰ ਘਰ ਤੱਕ ਪੀਣ ਯੋਗ ਸਾਫ਼ ਪਾਣੀ’ ਪਹੁੰਚਾਉਣ ਦਾ ਪ੍ਰਬੰਧ ਕਰੇ। ਉਨ੍ਹਾਂ ਇਸ ਨਾਅਰੇ ਨੂੰ ਪਿੰਡ-ਪਿੰਡ, ਸ਼ਹਿਰ-ਸ਼ਹਿਰ ਆਮ ਲੋਕਾਂ ਦੀ ਆਵਾਜ਼ ਬਣਾਉਣ ਦਾ ਸੱਦਾ ਦਿੱਤਾ।

ਦਰਿਆਈ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨਾਲ ਹੋਏ ਧੱਕੇ ਦਾ ਹੱਲ ਰਾਇਪੇਰੀਅਨ ਸਿਧਾਂਤ ਅਨੁਸਾਰ ਕਰਨ ਦੀ ਲੋੜ ਨੂੰ ਉਭਾਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਤਬਾਹ ਹੋ ਚੁੱਕੀ ਨਹਿਰੀ-ਵਿਵਸਥਾ ਨੂੰ ਜਿੱਥੇ ਮੁਰੰਮਤ ਕਰਕੇ ਮੁੜ ਬਹਾਲ ਕਰਨ ਦੀ ਲੋੜ ਹੈ ਉਥੇ ਹਰ ਖੇਤ ਅਤੇ ਘਰ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰੀ ਵਿਵਸਥਾ ਦੇ ਜਾਲ ਦਾ ਹੋਰ ਵਿਸਥਾਰ ਕੀਤਾ ਜਾਣਾ ਅਤਿ ਲੋੜੀਂਦਾ ਹੈ। ਉਨ੍ਹਾਂ ਨੇ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ਼ ਕਰਨ ਲਈ ਠੋਸ ਕਦਮ ਚੁੱਕਣ ਦੇ ਨਾਲ ਨਾਲ ਉਦਯੋਗਾਂ ਅਤੇ ਸ਼ਹਿਰਾਂ ਵਲੋਂ ਪ੍ਰਦੂਸ਼ਿਤ ਪਾਣੀ ਨੂੰ ਦਰਿਆਵਾਂ ਤੇ ਧਰਤੀ ’ਚ ਸੁੱਟਣ ਦੀ ਰੋਕਥਾਮ ਕਰਨ ਦੀ ਮੰਗ ਕੀਤੀ।

ਕਿਰਤੀ ਕਿਸਾਨ ਯੂਨੀਅਨ ਦੀ ਔਰਤ ਵਿੰਗ ਦੀ ਆਗੂ ਹਰਦੀਪ ਕੌਰ ਕੋਟਲਾ ਅਤੇ ਸੂਬਾ ਆਗੂ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਗੁਜਰਾਤ ਦੇ ਰਸਤੇ ਤਾਂ ਪਾਕਿਸਤਾਨ ਨਾਲ ਵਪਾਰ ਕਰ ਰਹੀ ਹੈ ਪ੍ਰੰਤੂ ਪੰਜਾਬ ਤੋਂ ਸੜਕੀ ਲਾਂਘੇ ਰਾਹੀਂ ਪਾਕਿਸਤਾਨ ਨਾਲ ਵਪਾਰ ’ਤੇ ਪਾਬੰਦੀਆਂ ਮੜ੍ਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਲਾਂਘੇ ਖੋਲ੍ਹਣ ਦੀ ਮੰਗ ਕਰਦੇ ਹੋਏ ਕਿਹਾ ਕਿ ਉਪਰੋਕਤ ਲਾਂਘਿਆਂ ਰਾਹੀਂ ਪੱਛਮ ਏਸ਼ੀਆ ਨਾਲ ਸੜਕੀ ਵਪਾਰ ਖੁੱਲ੍ਹ ਜਾਵੇ ਤਾਂ ਇਕੱਲੇ ਪੰਜਾਬ ਹੀ ਨਹੀਂ ਸਗੋਂ ਸਾਰੇ ਉੱਤਰੀ ਭਾਰਤ ਦੇ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਹੋ ਸਕਦਾ ਹੈ ਅਤੇ ਦੇਸ਼ ਦੀ ਸੰਕਟਗ੍ਰਸਤ ਆਰਥਿਕਤਾ ਨੂੰ ਵੀ ਠੁੰਮਣਾ ਮਿਲ ਸਕਦਾ ਹੈ।

ਬੁਲਾਰਿਆਂ ਨੇ ਆਬਾਦਕਾਰਾਂ ਨੂੰ ਉਜਾੜਨਾ ਬੰਦ ਕਰਕੇ ਉਨ੍ਹਾਂ ਨੂੰ ਮਾਲਕੀ ਹੱਕ ਦੇਣ ਦੀ ਮੰਗ ਵੀ ਕੀਤੀ। ਕੇਂਦਰ ਦੀ ਮੋਦੀ ਸਰਕਾਰ  ’ਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਦਾ ਇਲਜ਼ਾਮ ਲਗਾਉਂਦਿਆਂ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਰੈਲੀ ਨੂੰ ਸੂਬਾ ਕਮੇਟੀ ਮੈਂਬਰਾਂ ਸਰਵ ਸ੍ਰੀ ਸੰਤੋਖ ਸਿੰਘ ਸੰਧੂ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮਲ, ਜਰਨੈਲ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਭਿੰਡਰ, ਭੁਪਿੰਦਰ ਸਿੰਘ ਵੜੈਚ, ਸੁਖਚੈਨ ਸਿੰਘ, ਸੁਖਦੇਵ ਸਿੰਘ ਸਹਿੰਸਰਾ, ਨਛੱਤਰ ਸਿੰਘ ਤਰਨਤਾਰਨ, ਬਲਵਿੰਦਰ ਸਿੰਘ ਅਤੇ ਚਮਕੌਰ ਸਿੰਘ ਰੋਡੇ ਆਦਿ ਨੇ ਸੰਬੋਧਨ ਵੀ ਕੀਤਾ।
 

SHARE ARTICLE

ਏਜੰਸੀ

Advertisement

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM
Advertisement