
ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ ਹੁਣ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ......
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ ਹੁਣ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਰੁਧ ਦਿਤੇ ਬਿਆਨ ਦੀ ਨਿੰਦਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਨੇ ਕਿਹਾ ਹੈ ਕਿ ਆਪ ਵਖਵਾਦੀਆਂ ਅਤੇ ਨਕਸਲੀਆਂ ਦੇ ਨਵੇਂ ਫ਼ਰੰਟ ਦੇ ਰੂਪ ਵਿਚ ਕੰਮ ਕਰ ਰਹੀ ਹੈ।
ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਭਾਜਪਾ ਨੇਤਾ ਕਮਲ ਸ਼ਰਮਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਰੈਫ਼ਰੰਡਮ 2020 ਦਾ ਸਮਰਥਨ ਕਰਨ ਤੋਂ ਬਾਅਦ ਆਪ ਦੇ ਪਟਿਆਲਾ ਦੇ ਸਾਂਸਦ ਧਰਮਵੀਰ ਗਾਂਧੀ ਨੇ ਦੇਸ਼ ਤੋਂ ਵੱਖ ਹੋਣ ਦੀ ਮੰਗ ਨੂੰ ਸੰਵਿਧਾਨਕ ਦਸਿਆ ਹੈ ਜੋ ਤੱਥਾਂ ਅਤੇ ਸੰਵਿਧਾਨ ਦੀ ਆਤਮਾ ਵਿਰੁਧ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਦੀ ਮੰਗ ਕਰਨਾ ਜਾਂ ਉਸ ਨੂੰ ਸਮਰਥਨ ਦੇਣਾ ਸਿੱਧਾ-ਸਿੱਧਾ ਦੇਸ਼ਧ੍ਰੋਹ ਦਾ ਮਾਮਲਾ ਹੈ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਦੋਵੇਂ ਨੇਤਾਵਾਂ ਵਿਰੁਧ ਪਰਚਾ ਦਰਜ ਕਰਨਾ ਚਾਹੀਦਾ ਹੈ।
ਕਮਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਨੇਤਾਵਾਂ ਦੀ ਸਰਗਰਮੀਆਂ 'ਤੇ ਤਿੱਖੀ ਨਜਰ ਰਖੀ ਜਾਵੇ ਅਤੇ ਸੰਵਿਧਾਨ ਦੀ ਮਰਿਆਦਾ ਵਿਰੁਧ ਵਿਚਾਰ ਪ੍ਰਗਟਾਉਣ ਵਾਲਿਆਂ ਵਿਰੁਧ ਉਹੀ ਕਾਰਵਾਈ ਕੀਤੀ ਜਾਵੇ ਜਿਸ ਦੀ ਕਿ ਸੰਵਿਧਾਨ ਸਿਫ਼ਾਰਸ਼ ਕਰਦਾ ਹੈ। ਕਮਲ ਸ਼ਰਮਾ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੇ ਸ਼ੱਕੀ ਨੇਤਾਵਾਂ ਤੋਂ ਸਾਵਧਾਨ ਰਹਿਣ।