
ਮੁੱਖ ਮੰਤਰੀ ਨੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਵੀ ਗੱਲਬਾਤ ਕੀਤੀ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੀ 20ਵੀਂ ਵਰ੍ਹੇਗੰਢ ਮੌਕੇ ਵਿਜੈ ਦਿਵਸ ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਇਥੇ ਬੋਗਨਵਿਲੀਆ ਗਾਰਡਨ 'ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲਮਾਲਾ ਭੇਟ ਕਰ ਕੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਜਵਾਨਾਂ ਸਮੇਤ ਸਮੂਹ ਸ਼ਹੀਦਾਂ ਦੀ ਬਹਾਦਰੀ ਨੂੰ ਨਮਨ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
Captain Amarinder Singh pays floral tributes to the martyrs of the Kargil war
ਕਾਰਗਿਲ ਵਿਜੈ ਦਿਵਸ 'ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਬਹਾਦਰ ਜਵਾਨਾਂ ਵਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ ਦਿੰਦਿਆਂ ਆਪਣੇ ਆਪ ਨੂੰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਜਜ਼ਬੇ ਪ੍ਰਤੀ ਸਮਰਪਿਤ ਹੋਣ ਲਈ ਆਖਿਆ।
Captain Amarinder Singh pays floral tributes to the martyrs of the Kargil war
ਇਸ ਦੌਰਾਨ ਰੱਖਿਆ ਸੈਨਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ 54 ਕਾਰਗਿਲ ਜੰਗੀ ਨਾਇਕਾਂ ਨੂੰ ਸ਼ਰਧਾਂਜਲੀਆਂ ਦੇਣ ਅਤੇ ਉਨ੍ਹਾਂ ਦੇ ਵਾਰਸਾਂ ਅਤੇ ਵੀਰ ਨਾਰੀਆਂ ਦੇ ਸਨਮਾਨ ਲਈ ਅਜਿਹੇ ਯਾਦਗਾਰੀ ਸਮਾਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਵੀ ਨਾਲੋ-ਨਾਲ ਕਰਵਾਏ ਜਾ ਰਹੇ ਹਨ।
Captain Amarinder Singh pays floral tributes to the martyrs of the Kargil war
ਇਸ ਮੌਕੇ ਮੁੱਖ ਮੰਤਰੀ ਨੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਲਾਹਕਾਰ ਨਿਵੇਸ਼ ਪੰਜਾਬ ਮੇਜਰ ਬੀ.ਐਸ. ਕੋਹਲੀ ਤੋਂ ਇਲਾਵਾ ਰੱਖਿਆ ਸੈਨਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।