
ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਸਮੂਹ ਵਿਦਿਆਰਥੀਆਂ ਨੂੰ ਪਵਿੱਤਰ ਨਗਰੀ ਦੀ ਕਰਵਾਈ ਜਾਵੇਗੀ ਮੁਫ਼ਤ ਯਾਤਰਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਮੁਫਤ ਯਾਤਰਾ ਕਰਵਾਉਣ ਦਾ ਫ਼ੈਸਲਾ ਲਿਆ ਹੈ। 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਉਪਰੰਤ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਨੂੰ ਪਵਿੱਤਰ ਨਗਰੀ ਵਿਖੇ ਵਿਦਿਆਰਥੀਆਂ ਦੀ ਯਾਤਰਾ ਲਈ ਸਾਰੇ ਜਰੂਰੀ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
Tourism & Cultural Affairs Minister Charanjit Singh Channi during meeting
ਚੰਨੀ ਨੇ ਦਸਿਆ ਕਿ ਵਿਦਿਆਰਥੀਆਂ ਨੂੰ 1 ਨਵੰਬਰ ਤੋਂ 12 ਨਵੰਬਰ 2019 ਤਕ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ ਸਬੰਧੀ ਰੂਪ-ਰੇਖਾ ਉਲੀਕਣ ਲਈ ਮੰਤਰੀਆਂ ਦੇ ਸਮੂਹ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ ਤੇ ਮੈਡੀਕਲ ਸਿੱਖਿਆ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਜਲਦ ਕੀਤੀ ਜਾਵੇਗੀ।
Tourism & Cultural Affairs Minister Charanjit Singh Channi during meeting
ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਲਈ ਪਵਿਤਰ ਨਗਰੀ ਦਾ ਮੁਫਤ ਟੂਰ ਕਰਵਾਉਣ ਸਬੰਧੀ ਸਾਰੀਆਂ ਪ੍ਰਾਇਵੇਟ ਵਿਦਿਅਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ। ਚੰਨੀ ਨੇ ਮੀਟਿੰਗ ਦੌਰਾਨ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ। ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਾਰੇ ਪ੍ਰਬੰਧ ਅਗਸਤ ਦੇ ਅੱਧ ਤੱਕ ਮੁਕੰਮਲ ਕਰ ਲਏ ਜਾਣਗੇ।
Tourism & Cultural Affairs Minister Charanjit Singh Channi during meeting
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਨਵਤੇਜ ਸਿੰਘ ਚੀਮਾ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸ਼ਿਵਾ ਪ੍ਰਸਾਦ, ਸਕੱਤਰ ਲੋਕ ਨਿਰਮਾਣ ਹੁਸਨ ਲਾਲ, ਡਾਇਰੈਕਟਰ ਸੈਰ-ਸਪਾਟਾ ਤੇ ਸੱਭਿਆਚਾਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਖੇਡਾਂ ਰਾਹੁਲ ਗੁਪਤਾ, ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਅਮਿਤ ਤਲਵਾੜ ਅਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੀ ਹਾਜਰ ਸਨ।