
ਗਡਕਰੀ ਵਲੋਂ ਛੇਤੀ ਨਿਰਮਾਣ ਮੁਕੰਮਲ ਕਰਵਾਉਣ ਦਾ ਭਰੋਸਾ
ਜਲੰਧਰ/ਚੰਡੀਗੜ੍ਹ : ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੰਗਾ-ਗੜ੍ਹਸੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦੇ ਨਿਰਮਾਣ ਬਾਰੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਭਰੋਸਾ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਅੱਜ ਨਵੀਂ ਦਿੱਲੀ ਵਿਖੇ ਸ਼੍ਰੀ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੜਕ ਦੇ ਨਿਰਮਾਣ ਨੂੰ ਛੇਤੀ ਮੁਕੰਮਲ ਕਰਨ ਦੀ ਲੋੜ ਬਾਰੇ ਦੱਸਿਆ।
Nitin Gadkari - Manish Tewari
ਇਸ ਤੋਂ ਪਹਿਲਾਂ ਤਿਵਾੜੀ ਨੇ 3 ਜੂਨ ਨੂੰ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ ਸੀ। ਗਡਕਰੀ ਨੇ ਤਿਵਾੜੀ ਨੂੰ ਦੱਸਿਆ ਕਿ ਇਸ ਮਾਮਲੇ ਨੂੰ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਕੋਲ ਭੇਜਿਆ ਗਿਆ ਹੈ। ਤਿਵਾੜੀ ਨੇ ਕਿਹਾ ਕਿ ਗਡਕਰੀ ਨੇ ਇਸ ਸਾਲ 25 ਫਰਵਰੀ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ 581 ਕਰੋੜ ਦੀ ਅਨੁਮਾਨਤ ਲਾਗਤ ਵਾਲੀ ਇਸ ਸੜਕ ਦਾ ਨੀਂਹ ਪੱਥਰ ਰੱਖਿਆ ਸੀ।
Gadkari assures Tewari on Banga-Naina Devi Road
ਤਿਵਾੜੀ ਨੇ ਦਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਉਂਦਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੀ ਹੈ ਅਤੇ ਇਸ ਸ਼ੁੱਭ ਮੌਕੇ ਦੁਨੀਆ ਭਰ ਵਿਚੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਪੰਜਾਬ ਆਵੇਗੀ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ 'ਤਖਤਾਂ' ਵਿਚੋਂ ਇਕ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ।
Letter
ਇਸ ਲਈ ਵੱਡੀ ਗਿਣਤੀ ਸੰਗਤ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਸੰਭਾਵਨਾ ਹੈ। ਇਸ ਵਾਸਤੇ ਇਸ ਸੜਕ ਨੂੰ ਸਮੇਂ ਸਿਰ ਪੂਰਾ ਕਰਨਾ ਬੇਹੱਦ ਅਹਿਮ ਹੈ। ਤਿਵਾੜੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦੀ ਲੋੜ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।