ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪੁਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ਾਮ ਸਿੰਘ ਜੇ.ਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀਐਸਪੀਸੀਐਲ ਅਲਾਵਲਪੁਰ, ਜਲੰਧਰ ਜਿਲੇ ਦੇ ਜੂਨੀਅਰ ਇੰਜੀਨੀਅਰ ਸ਼ਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪੁਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ਾਮ ਸਿੰਘ ਜੇ.ਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਸੀ ਕਿ ਉਹ ਇੱਕ ਛੋਟਾ ਕਿਸਾਨ ਹੈ ਅਤੇ ਉਸਨੇ ਆਪਣੇ ਟਿਊਬਵੈੱਲ ਲਈ ਖੇਤੀ ਵਾਲੀ ਬਿਜਲੀ ਸਪਲਾਈ ਵਾਲੇ ਵਿਅਕਤੀਗਤ ਟਰਾਂਸਫਾਰਮਰ ਲਈ ਅਰਜ਼ੀ ਦਿੱਤੀ ਹੋਈ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜੇ.ਈ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਉਸ ਨੂੰ ਟਰਾਂਸਫਾਰਮਰ ਲਗਾਉਣ ਦਾ ਦਿੱਤਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਸੀ ਪਰ ਉਸ ਨੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 10,000 ਰੁਪਏ ਵਿੱਚ ਤੈਅ ਹੋਇਆ।
JE of PSPCL caught red-handed by Vigilance Bureau for accepting Rs 10,000 bribe
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ 10,000 ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਦੀ ਜੇਬ ਵਿੱਚੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।