
ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਹੇਠਾਂ
Bhakra Dam news : ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ’ਚ ਲਗਾਤਾਰ ਪਾਣੀ ਆ ਰਿਹਾ ਹੈ। ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ ਜਦਕਿ ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਹਾਲੇ 9 ਫੁੱਟ ਹੇਠਾਂ ਹੈ। ਭਾਖੜਾ ਡੈਮ ਦੇ ਸਮਤਲ ਗੇਟ ਲਗਭਗ 2 ਫੁੱਟ ਖੁੱਲ੍ਹੇ ਹਨ ਅਤੇ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1670.70 ਫੁੱਟ ਹੈ।
ਲਗਾਤਾਰ ਹੋ ਰਹੀ ਬਾਰੀ ਬਾਰਿਸ਼ ਕਾਰਨ ਭਾਖੜਾ ਡੈਮ ਵਿਚ 84283 ਕਿਊਸਿਕ ਪਾਣੀ ਆ ਰਿਹਾ ਹੈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 43152 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਵੀ ਵੱਖ-ਵੱਖ ਨਹਿਰਾਂ ਅਤੇ ਸਤਲੁਜ ਦਰਿਆ ਵਿਚ ਪਾਣੀ ਛੱਡਿਆ ਜਾ ਰਿਹਾ ਹੈ। ਇਸੇ ਤਰ੍ਹਾਂ ਨੰਗਲ ਹਾਈਡਲ ਨਹਿਰ ’ਚ 12500 ਕਿਊਸਿਕ ਅਤੇ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ ’ਚ 10150 ਕਿਊਸਿਕ ਪਾਣੀ ਛੱਡਣ ਤੋਂ ਇਲਾਵਾ ਨੰਗਲ ਡੈਮ ਤੋਂ ਸਤਲੁਜ ਦਰਿਆ 21150 ਕਿਊਸਿਕ ਪਾਣੀ ਛੱਡਿਆ ਗਿਆ।