
ਟਰੈਕਟਰ ਫੂਕ ਕੇ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ
ਧਨੌਲਾ, 25 ਸਤੰਬਰ (ਅਮਜ਼ਦ ਖ਼ਾਨ ਦੁੱਗਾਂ) : ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਹਲਕਾ ਬਰਨਾਲਾ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਸਮੇਤ ਸਮੂਹ ਅਕਾਲੀ ਆਗੂਆਂ ਨੇ ਟਰੈਕਟਰ ਨੂੰ ਅੱਗ ਲਗਾ ਕੇ ਅਪਣਾ ਰੋਸ ਜ਼ਾਹਰ ਕੀਤਾ। ਧਰਨੇ ਨੂੰ ਸਬੋਧਨ ਕਰਦਿਆਂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸ ਵਿਰੁਧ ਪੰਜਾਬ ਦੇ ਕਿਸਾਨਾਂ 'ਚ ਰੋਸ ਦੀ ਲਹਿਰ ਹੈ। ਪੰਜਾਬ ਦਾ ਹਰ ਕਿਸਾਨ ਪਰਵਾਰਾਂ ਸਮੇਤ ਸੜਕਾਂ 'ਤੇ ਉੱਤਰ ਆਇਆ ਹੈ। ਕੇਂਦਰ ਦੀ ਮੋਦੀ ਸਰਕਾਰ ਵਿਰੁਧ ਕਿਸਾਨ ਯੂਨੀਅਨਾਂ ਵਲੋਂ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਹਰਾ ਮਾਰਦਿਆਂ ਕੇਂਦਰੀ ਵਜਾਰਤ ਵਿਚੋਂ ਅਸਤੀਫ਼ਾ ਦਿਤਾ ਹੈ ਜਿਸ ਕਾਰਨ ਦੇਸ਼ ਦੀ ਸਿਆਸਤ 'ਚ ਨਵਾਂ ਮੋੜ ਆਇਆ ਹੈ। ਇਸ ਮੌਕੇ ਜਥੇਦਾਰ ਮੱਖਣ ਸਿੰਘ ਧਨੌਲਾ, ਪਰਮਜੀਤ ਸਿੰਘ ਢਿੱਲੋਂ, ਰੁਪਿੰਦਰ ਸਿੰਘ ਸੰਧੂ, ਸੰਜੀਵ ਸ਼ੋਰੀ, ਜਥੇਦਾਰ ਰਜਿੰਦਰ ਸਿੰਘ ਦਰਾਕਾ ਸਮੇਤ ਵੱਡੀ ਗਿਣਤੀ ਚ ਅਕਾਲੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।