
ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਹੀ ਸਕੂਨ ਮਿਲਿਆ
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਅੱਜ ਉੱਤਰੀ ਨੌਰਥ ਜੋਨਲ ਦੀ ਮੀਟਿੰਗ ਸੀ ਜਿਸ ਵਿਚ ਹਿੱਸਾ ਲੈਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀ ਵੀ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਇਕੱਠਿਆਂ ਦੇਖਿਆ ਗਿਆ। ਇਸ ਦੇ ਚਲਦੇ ਹਿਮਾਚਲ ਤੋਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਉਹਨਾਂ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਐੱਸ. ਜੀ. ਪੀ. ਸੀ. ਸਕੱਤਰ ਪ੍ਰਤਾਪ ਸਿੰਘ ਵੱਲੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਹੀ ਸਕੂਨ ਮਿਲਿਆ। ਉਨ੍ਹਾਂ ਕਿਹਾ ਕਿ ਜੋ ਹਿਮਾਚਲ ਦੇ ਵਿਚ ਤਬਾਹੀ ਹੋਈ ਹੈ ਉਨ੍ਹਾਂ ਆਪਣੀ ਜ਼ਿੰਦਗੀ 'ਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ ਅਤੇ ਹੁਣ ਸਰਕਾਰ ਉਸ ਤਬਾਹੀ 'ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਵਿਚ ਆਏ ਹੜ੍ਹਾਂ ਕਾਰਨ 450 ਲੋਕਾਂ ਦੀ ਮੌਤ ਦੀ ਜਾਣਕਾਰੀ ਹੈ, ਜਦਕਿ 12000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਹਿਮਾਚਲ 'ਚ ਤਬਾਹੀ ਕਾਰਨ ਟੁੱਟੀਆਂ ਸੜਕਾਂ ਵਿਚੋਂ ਬਹੁਤ ਜਿਆਦਾ ਸੜਕਾਂ ਉਨ੍ਹਾਂ ਵੱਲੋਂ ਬਣਵਾ ਦਿੱਤੀਆਂ ਗਈਆਂ ਹਨ ਅਤੇ ਕੁਝ ਦਾ ਕੰਮ ਅਜੇ ਜਾਰੀ ਹੈ। ਉਨ੍ਹਾਂ ਦੱਸਿਆ ਕੀ ਜ਼ਿਆਦਾ ਨੁਕਸਾਨ ਡੈਮ ਦੇ ਗੇਟ ਖੋਲਣ ਕਰਕੇ ਹੋਇਆ ਹੈ। ਉਨ੍ਹਾਂ ਨੇ ਕਿਹਾ ਜਦੋਂ ਹੋਲੇ-ਮੁਹੱਲੇ ਦੇ ਤਿਉਹਾਰ 'ਤੇ ਬਹੁਤ ਸਾਰੇ ਸਿੱਖ ਨੌਜਵਾਨ ਝੰਡੇ ਲਗਾ ਕੇ ਹਿਮਾਚਲ ਆਉਂਦੇ ਹਨ ਤਾਂ ਪਿਛਲੀਆਂ ਸਰਕਾਰਾਂ ਵੱਲੋਂ ਬੇਸ਼ੱਕ ਉਨ੍ਹਾਂ ਨੂੰ ਰੋਕਿਆ ਜਾਂਦਾ ਰਿਹਾ ਹੋਵੇ
ਪਰ ਇਸ ਵਾਰ ਅਸੀਂ ਹਦਾਇਤ ਕੀਤੀ ਹੈ ਕਿਸੇ ਨੂੰ ਵੀ ਰੋਕਿਆ ਨਹੀਂ ਜਾਵੇਗਾ ਕਿਉਂਕਿ ਹਰ ਇੱਕ ਵਿਅਕਤੀ ਨੂੰ ਆਪਣੇ ਧਰਮ ਦੀ ਪੂਜਾ-ਪਾਠ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ ਅਤੇ ਅਸੀਂ ਆਪਣੇ ਵੱਡੇ ਭਰਾ ਦੇ ਨਾਲ ਹਮੇਸ਼ਾ ਖੜੇ ਹਾਂ। ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਵੀ ਨਸ਼ਾ ਵੱਧਦਾ ਜਾ ਰਿਹਾ ਹੈ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲ ਕੇ ਨਸ਼ਾ ਖ਼ਤਮ ਕਰਨ ਵਿਚ ਲੱਗੇ ਹੋਏ ਹਨ।
ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸ਼ਾਂਤੀ ਮਿਲੀ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਦੇਸ਼ ਅਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ ।