
ਬਾਬੇ ਨਾਨਕ ਵਿਰੁਧ ਗ਼ਲਤ ਸ਼ਬਦਾਵਲੀ ਵਰਤਣ ਵਾਲੇ ਦੀ ਗਿ੍ਫ਼ਤਾਰੀ ਨੂੰ ਲੈ ਕੇ ਸਮਰਾਲਾ ਚੌਕ ਵਿਖੇ ਲਾਇਆ ਧਰਨਾ
ਲੁਧਿਆਣਾ, 25 ਅਕਤੂਬਰ (ਰਾਜਵਿੰਦਰ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਵਿਰੁਧ ਗ਼ਲਤ ਟਿਪਣੀ ਕਰਨ ਵਾਲੇ ਅਨਿਲ ਅਰੋੜਾ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਮਰਾਲਾ ਚੌਕ ਵਿਖੇ ਸਿੱਖ ਜਥੇਬੰਦੀਆਂ ਅਤੇ ਵੱਖ-ਵੱਖ ਭਾਈਚਾਰੇ ਦੇ ਲੋਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਪ੍ਰਦਰਸ਼ਨ ਵਿਚ ਸਿੱਖਾਂ ਤੋਂ ਇਲਾਵਾ ਮੁਸਲਿਮ ਭਾਈਚਾਰੇ ਦੇ ਲੋਕ ਵੀ ਸ਼ਾਮਲ ਹਨ | ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਦੋਂ ਤਕ ਅਨਿਲ ਅਰੋੜਾ ਦੀ ਗਿ੍ਫ਼ਤਾਰੀ ਨਹੀਂ ਹੋ ਜਾਂਦੀ ਉਦੋਂ ਤਕ ਧਰਨਾ ਜਾਰੀ ਰਹੇਗਾ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਇਨਸਾਫ਼ ਦੀ ਮੰਗ ਲਈ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ |
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਮਾਜ ਵਿਚ ਕਈ ਅਜਿਹੇ ਲੋਕ ਹਨ ਜੋ ਗੁਰੂਆਂ ਬਾਰੇ ਗ਼ਲਤ ਬੋਲ ਕੇ ਅਪਣਾ ਨਾਂਅ ਚਮਕਾਉਣਾ ਚਾਹੁੰਦੇ ਹਨ | ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਹਿੰਦੂ, ਮੁਸਲਿਮ ਅਤੇ ਸਿੱਖ ਭਰਾਵਾਂ ਨੂੰ ਇਕਜੁਟ ਹੋਣਾ ਚਾਹੀਦਾ ਹੈ | ਪ੍ਰਦਰਸ਼ਨ ਵਿਚ ਪਹੁੰਚੇ ਸਿੱਖਾਂ ਨੇ ਕਿਹਾ ਕਿ ਅਜਿਹੀਆਂ ਟਿਪਣੀਆਂ ਨਾਲ ਆਮ ਲੋਕਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ | ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਸਿੱਖਾਂ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਅਤੇ ਸਾਰਿਆਂ ਦੇ ਸਾਂਝੇ ਗੁਰੂ ਹਨ, ਉਨ੍ਹਾਂ ਖਿਲਾਫ਼ ਅਜਿਹੀਆਂ ਬਿਆਨਬਾਜ਼ੀਆਂ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਦੀ ਲੋੜ ਹੈ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ |
ਸਿੱਖਾਂ ਨੇ ਦਸਿਆ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਚਾਰ ਦਿਨ ਦਾ ਸਮਾਂ ਦਿਤਾ ਸੀ ਪਰ ਹੁਣ ਤਕ ਗਿ੍ਫ਼ਤਾਰੀ ਨਹੀਂ ਹੋਈ | ਜੇ ਹੁਣ ਵੀ ਕਾਰਵਾਈ ਨਾ ਹੋਈ ਤਾਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ | ਇਸ ਮੌਕੇ ਭਾਰੀ ਸੰਖਿਆ ਵਿਚ ਪੁਲਿਸ ਫ਼ੋਰਸ ਤੈਨਾਤ ਕੀਤੀ ਗਈ ਹੈ |