
ਕਾਂਗਰਸ ਅਤੇ ਅਕਾਲੀ ਦਲ ਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਖੋਲਣ ਨੂੰ ਲੈ ਕੇ ਵਾਹੋ-ਵਾਹੀ ਖੱਟਣ ਦੀ ਹੋੜ ਦੀ ਆਮ ਆਦਮੀ ਪਾਰਟੀ...
ਚੰਡੀਗੜ੍ਹ (ਸਸਸ) : ਕਾਂਗਰਸ ਅਤੇ ਅਕਾਲੀ ਦਲ ਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਖੋਲਣ ਨੂੰ ਲੈ ਕੇ ਵਾਹੋ-ਵਾਹੀ ਖੱਟਣ ਦੀ ਹੋੜ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀ ਅਕਾਲੀਆਂ ਅਤੇ ਉਨਾਂ ਦਾ ਬਚਾਅ ਕਰਨ ਵਾਲੇ ਕਾਂਗਰਸੀਆਂ ਦੁਆਰਾ ਧਰਮ ਦੀ ਹੋਛੀ ਰਾਜਨੀਤੀ ਕਰਨਾ ਮੰਦਭਾਗਾ ਹੈ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਅਮਨ ਅਰੋੜਾ, ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਸਪੋਕਸਮੈਨ ਨੀਲ ਗਰਗ ਨੇ ਕਿਹਾ ਕਿ ਜਿਸ ਦਿਨ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਖੁੱਲਣ ਦੀ ਗੱਲ ਸ਼ੁਰੂ ਹੋਈ ਹੈ। ਉਸੇ ਦਿਨ ਤੋਂ ਹੀ ਦੋਵੇਂ ਰਿਵਾਇਤੀ ਪਾਰਟੀਆਂ ਦੇ ਆਗੂ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।
‘ਆਪ‘ ਆਗੂਆਂ ਨੇ ਕਿਹਾ ਕਿ ਲਾਂਘੇ ਸਬੰਧੀ ਬਣਾਏ ਨੀਂਹ ਪੱਥਰ ਉੱਤੇ ਪੰਥ ਦੇ ਦੋਸ਼ੀ ਬਾਦਲ ਪਰਿਵਾਰ ਦੇ ਨਾਮ ਲਿਖਣ ਨਾਲ ਸਮੁੱਚੀ ਸਿੱਖ ਕੌਮ ਦੀ ਮਨਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਤੋਂ ਅਕਾਲੀਆਂ ਅਤੇ ਕਾਂਗਰਸੀਆਂ ਦੀ ਮਿਲੀਭੁਗਤ ਦਾ ਪਰਦਾਫਾਸ਼ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਦੁਆਰਾ ਬਾਦਲਾਂ ਦਾ ਹਰ ਢੰਗ ਨਾਲ ਬਚਾਅ ਕੀਤਾ ਜਾ ਰਿਹਾ ਹੈ, ਜੋ ਕਿ ਮੰਦਭਾਗਾ ਹੈ।
‘ਆਪ‘ ਆਗੂਆਂ ਨੇ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਮਾਗਮ ਦੌਰਾਨ ਹੱਲਾ ਕਰਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਮੰਤਰੀ ਨੂੰ ਪਹਿਲਾ ਹੀ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਸੀ ਕਿ ਕਿਹੜੇ ਆਗੂਆਂ ਦੇ ਨਾਮ ਨੀਂਹ ਪੱਥਰ ਉਤੇ ਲਿਖੇ ਜਾ ਰਹੇ ਹਨ। ਉਨਾਂ ਕਿਹਾ ਕਿ ਲਾਂਘੇ ਖੁੱਲਣ ਦਾ ਸਿਹਰਾ ਸਮੂਹ ਸਿੱਖ ਸੰਗਤਾਂ ਅਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਹੈ ਜੋ ਹਰ ਰੋਜ਼ ਇਸ ਲਈ ਅਰਦਾਸ ਕਰ ਰਹੇ ਹਨ। ’ਆਪ‘ ਆਗੂਆਂ ਨੇ ਕਿਹਾ ਕਿ ਸਮਾਗਮ ਵਿਚ ਬਿਨਾ ਕਿਸੇ ਭੇਦਭਾਵ ਦੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਦੇਣਾ ਚਾਹੀਦਾ ਹੈ।
ਲੋਕਾਂ ਵਲੋਂ ਚੁਣੇ ‘ਆਪ‘ ਵਿਧਾਇਕਾਂ ਨੂੰ ਸੱਦਾ ਪੱਤਰ ਨਾ ਦੇਣ ਉੱਤੇ ਉਨਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਨੀਵੇਂ ਪੱਧਰ ਦੀ ਰਾਜਨੀਤੀ ਕੀਤੀ ਹੈ। ਉਨਾਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਇਸ ਲਾਂਘੇ ਦਾ ਕੰਮ ਜਲਦ ਤੋਂ ਜਲਦ ਸੰਪੂਰਨ ਹੋਵੇ ਤਾਂ ਜੋ ਸਿੱਖ ਸੰਗਤ ਬੇਰੋਕ ਗੁਰੂ ਨਾਨਕ ਸਾਹਿਬ ਨਾਲ ਸਬੰਧਿਤ ਸ਼੍ਰੀ ਦਰਬਾਰ ਸਾਹਿਬ ਗੁਰਦੁਆਰਾ ਦੇ ਦਰਸ਼ਨ ਕਰ ਸਕੇ।
ਮੁੰਬਈ ਅਤਿਵਾਦੀ ਹਮਲੇ ਦੀ 10 ਵਰੇਗੰਢ ਉਤੇ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਅਫ਼ਸਰਾਂ ਅਤੇ ਆਮ ਨਾਗਰਿਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨਾਂ ਕਿਹਾ ਕਿ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਰਾਸ਼ਟਰੀ ਸੰਵਿਧਾਨ ਦਿਵਸ ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ‘ਆਪ‘ ਆਗੂਆਂ ਨੇ ਕਿਹਾ ਕਿ ਸੰਵਿਧਾਨ ਦੀ ਪਾਲਨਾ ਕਰਨਾ ਅਤੇ ਮਹਾਨ ਆਗੂਆਂ ਦੇ ਨਕਸ਼ਾ ਕਦਮ ‘ਤੇ ਚੱਲਣਾ ਹਰ ਭਾਰਤੀ ਦਾ ਫ਼ਰਜ਼ ਹੈ।