
ਭਾਰਤ ਆਈ.ਐਸ.ਆਈ ਤੋਂ ਸਮਰਥਨ ਹਾਸਲ ਐਸ.ਐਫ਼.ਜੇ. ਨੂੰ ਦੇਸ਼ ਦੀ ਸਥਿਰਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ
ਬਰਮਿੰਘਮ (ਯੂ.ਕੇ.) (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵੇਂ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਪਾਕਿਸਤਾਨ ਨਾਲ ਸ਼ਾਂਤੀ ਅਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਅਤੇ ਨਾਲ ਹੀ ਸਪੱਸ਼ਟ ਕਰਦਿਆਂ ਕਿਹਾ ਕਿ ਭਾਰਤ ਆਈ.ਐਸ.ਆਈ. ਤੋਂ ਸਮਰਥਨ ਹਾਸਲ ਸਿੱਖਸ ਫ਼ਾਰ ਜਸਟਿਸ (ਐਸ.ਐਫ.ਜੇ.) ਨੂੰ ਦੇਸ਼ ਦੀ ਅਖੰਡਤਾ ਅਤੇ ਸਥਿਰਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ।
ਮੁੱਖ ਮੰਤਰੀ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ।
ਮੀਡੀਆ ਕਰਮੀਆਂ ਨਾਲ ਗ਼ੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸ.ਐਫ.ਜੇ. ਇਕ ਕੱਟੜ ਅਤਿਵਾਦੀ ਗਰੁਪ ਸੀ, ਜਿਸ ਦੀ ਮੁਹਿੰਮ ਦਾ ਕੋਈ ਵਿਚਾਰਧਾਰਕ ਆਧਾਰ ਨਹੀਂ ਸੀ, ਅਤੇ ਇਸ ਨਾਲ ਇਸੇ ਤਰ੍ਹਾਂ ਪੇਸ਼ ਆਉਣਾ ਚਾਹੀਦਾ ਸੀ। ਐਸ.ਐਫ਼.ਜੇ. ਦੇ ਅਖੌਤੀ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ, ਜੋ ਕਿ ਪਾਕਿਸਤਾਨ ਦੇ ਆਈ.ਐਸ.ਆਈ. ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਹੈ, ਨੂੰ ਧੋਖੇਬਾਜ਼ ਦਸਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਪੰਨੂ ਦਾ ਇਕੋ-ਇਕ ਮਕਸਦ ਆਈ.ਐਸ.ਆਈ. ਦੇ ਏਜੰਡੇ ਨੂੰ ਅੱਗੇ ਵਧਾਉਣਾ ਅਤੇ ਸਿੱਖਾਂ ਤੇ ਭਾਰਤ ਨੂੰ ਵੰਡਣਾ ਹੈ।
ਪਿਛਲੇ ਕੁਝ ਸਾਲਾਂ ਦੌਰਾਨ ਵੱਡੇ ਪੱਧਰ 'ਤੇ ਗ੍ਰਿਫ਼ਤਾਰੀਆਂ ਅਤੇ ਹਥਿਆਰ ਜ਼ਬਤ ਕਰਨ ਦੇ ਨਾਲ-ਨਾਲ ਪੰਜਾਬ ਵਿਚ ਨਾਕਾਮ ਕੀਤੇ ਗਏ ਅਤਿਵਾਦੀ ਗਰੁਪਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਐਸ.ਐਫ਼.ਜੇ. ਦੇ ਮਨਸੂਬੇ ਜੱਗ ਜ਼ਾਹਰ ਹੋਏ ਹਨ ਪਰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੋਵੇਂ ਇਸ ਨਾਲ ਕਰੜੇ ਹੱਥੀਂ ਨਜਿੱਠ ਰਹੀਆਂ ਹਨ। ਇਸ ਤੋਂ ਪਹਿਲਾ ਪਰਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਲਮੀ ਸਮੱਸਿਆਵਾਂ ਦੇ ਸਮੂਹਿਕ ਹੱਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਨੁਸਾਰ ਸਾਂਤੀ ਦੇ ਪਾਸਾਰ ਲਈ ਗੁਆਂਢੀ ਮੁਲਕਾਂ ਨਾਲ ਦੋਸਤਾਨਾ ਸਬੰਧ ਬਣਾਉਣ ਦੀ ਮੰਗ ਕੀਤੀ।
ਉਨ੍ਹਾਂ ਨੇ ਜ਼ੋਰ ਦਿੰਦਿਆਂ ਇਹ ਗੱਲ ਆਖੀ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਬੀਤੇ ਸਮੇਂ ਨੂੰ ਭੁੱਲ ਕੇ ਦੋਸਤੀ ਦੀ ਭਾਵਨਾ ਨਾਲ ਅੱਗੇ ਵਧਦਿਆਂ ਆਪਣੀ ਤਰੱਕੀ ਨੂੰ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਸਮਰੱਥ ਬਣਾਉਣ ਲਈ ਪਰਵਾਸੀ ਭਾਰਤੀਆਂ ਦੇ ਸਹਿਯੋਗ ਦੀ ਮੰਗ ਕੀਤੀ ਅਤੇ ਸੂਬੇ ਨੂੰ ਜ਼ਿਆਦਾ ਪਾਣੀ ਦੀ ਖਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੁਟਕਾਰਾ ਦਿਵਾਉਣ ਦੀ ਲੋੜ 'ਤੇ ਜ਼ੋਰ ਦਿਤਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਰਤੀਆਂ ਖਾਸਕਰ ਸਿੱਖ ਭਾਈਚਾਰੇ ਨੇ ਜਿਸ ਵੀ ਦੇਸ਼ ਵਿਚ ਵਾਸ ਕੀਤਾ ਹੈ, ਉਸ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਨੂੰ ਅਪਣੀਆਂ ਜੜ੍ਹਾਂ ਨਾਲ ਦੁਬਾਰਾ ਜੁੜਨ ਅਤੇ ਉਨਾਂ ਨੂੰ ਪੰਜਾਬ ਦੇ ਆਰਥਕ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਦੇ ਸਮਾਰੋਹ ਵਾਲੀ ਥਾਂ 'ਤੇ ਸਿੱਖਜ਼ ਫ਼ਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਨਹੀਂ ਮਿਲਿਆ ਹੁੰਗਾਰਾ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਸਿੱਖਜ਼ ਫ਼ਾਰ ਜਸਟਿਸ (ਐਸ.ਜੇ.ਐਫ਼.) ਵਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਅਖੌਤੀ ਰੋਸ ਪ੍ਰਦਰਸ਼ਨ ਨਾਂਹਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫ਼ਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵਲੋਂ ਉੱਕਾ ਵੀ ਇਸ ਨੂੰ ਸਮਰਥਨ ਜਾਂ ਸਹਿਯੋਗ ਨਹੀਂ ਦਿਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵਲੋਂ ਦਿਤੀ ਗਈ।
Captain Amarinder Singh
ਬੁਲਾਰੇ ਨੇ ਦਸਿਆ ਕਿ ਇਹ ਮੁੱਠੀ ਭਰ ਪ੍ਰਦਰਸ਼ਨਕਾਰੀਆਂ ਦਾ ਇਕੱਠ ਸੀ ਜਿਨ੍ਹਾਂ ਨੂੰ ਕਿਸੇ ਵੀ ਮਸ਼ਹੂਰ ਜਾਂ ਸੱਚੇ ਦਿਲੋਂ ਕੋਈ ਸਹਿਯੋਗ ਨਹੀਂ ਮਿਲਿਆ ਜਿਸ ਕਾਰਨ ਉਹ ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਕਿਸੇ ਵੀ ਤਰੀਕੇ ਨਾਲ ਅੜਚਨ ਪਾਉਣ 'ਚ ਸਫ਼ਲ ਨਹੀਂ ਹੋ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਉਹ ਕਰੀਬ ਤਿੰਨ ਘੰਟੇ ਸਮਾਗਮ ਵਿਚ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਹ ਅਖੌਤੀ ਪ੍ਰਦਰਸ਼ਨਕਾਰੀ ਸਨ ਜਿਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ।